ਖਰੀਦ ਏਜੰਸੀਆਂ ਕਿਸਾਨਾਂ ਵੱਲੋਂ ਸਮੁੱਚੀਆਂ 149 ਮੰਡੀਆਂ ਵਿੱਚ ਲਿਆਂਦੀ ਕੁੱਲ ਫਸਲਾਂ ਵਿੱਚੋਂ 57.76 ਫ਼ੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ…
ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਜਲੰਧਰ ਨੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਰਾਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਨੇ ਕਿਸਾਨਾਂ ਵੱਲੋਂ ਸਮੁੱਚੀਆਂ 149 ਮੰਡੀਆਂ ਵਿੱਚ ਲਿਆਂਦੀ ਕੁੱਲ ਫਸਲਾਂ ਵਿੱਚੋਂ 57.76 ਫ਼ੀਸਦੀ ਝੋਨੇ ਦੀ ਖਰੀਦ ਅਤੇ ਚੁਕਾਈ ਕੀਤੀ ਜਾ ਚੁੱਕੀ ਹੈ ।
ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਰਾਜ ਦੇ ਪ੍ਰਤੀਸ਼ਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਫ਼ਸਲ ਆਉਣ ਤੋਂ 48 ਘੰਟਿਆਂ ਵਿੱਚ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਅਤੇ ਖਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਥੋਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ 68458 ਮੀਟ੍ਰਿਕ ਟਨ (ਐਮਟੀ) ਝੋਨੇ ਦੀ ਖਰੀਦ ਅਤੇ ਕੁੱਲ 39543 ਮੀਟ੍ਰਿਕ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਇਸ ਰੈਂਕਿੰਗ ਨੂੰ ਕਾਇਮ ਰੱਖਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਅਤੇ ਰੋਜ਼ਾਨਾ ਖਰੀਦ ਦੀ ਸਮੀਖਿਆ ਕਰਨਗੇ।
Comment here