AutoNation

ਪਰਾਲੀ ਪ੍ਰਬੰਧ ਲਈ ਹਾਈ-ਟੈਕ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਦਿੱਤਾ ਗਿਆ ਭਰਵਾਂ ਹੁੰਗਾਰਾ

ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾੜੇ ਰੁਝਾਨ ਤੋਂ ਕਿਨਾਰਾ ਕਰਦਿਆਂ ਇਨ੍ਹਾਂ ਅਤਿ-ਆਧੁਨਿਕ ਮਸ਼ੀਨਾਂ ਦੀ ਖਰੀਦ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਇਨ-ਸੀਟੂ ਪ੍ਰਬੰਧਨ ਪ੍ਰੋਗਰਾਮ ਅਧੀਨ ਸਬਸਿਡੀ ‘ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਜੋ ਕਿ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਲਈ ਹਨ , ਹਾਈ-ਟੈਕ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾੜੇ ਰੁਝਾਨ ਤੋਂ ਕਿਨਾਰਾ ਕਰਦਿਆਂ ਇਨ੍ਹਾਂ ਅਤਿ-ਆਧੁਨਿਕ ਮਸ਼ੀਨਾਂ ਦੀ ਖਰੀਦ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਖਿਲਾਫ ਚਲਾਈ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਦਿਆਂ ਸੈਂਕੜੇ ਕਿਸਾਨਾਂ ਨੇ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਛਡਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਾਈਟੈੱਕ ਮਸ਼ੀਨਾਂ ਦੀ ਨਿਜੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ ਸੈਂਕੜੇ ਕਿਸਾਨ ਸਮੂਹ ਵੀ ਇਨ੍ਹਾਂ ਮਸ਼ੀਨਾਂ ਨੂੰ ਖਰੀਦਣ ਲਈ ਅੱਗੇ ਆਏ ਹਨ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵਿਭਾਗ ਵੱਲੋਂ ਕਢੇ ਗਏ ਡਰਾਅ ਦੌਰਾਨ ਸਫ਼ਲ ਹੋਏ 424 ਕਿਸਾਨ ਸਮੂਹਾਂ ਵੱਲੋਂ ਜਿਥੇ ਇਹ ਮਸ਼ੀਨਾਂ ਖਰੀਦੀਆਂ ਗਈਆਂ ਹਨ ਉਥੇ ਡਰਾਅ ਵਿੱਚ ਸਫ਼ਲ ਹੋਏ 331 ਕਿਸਾਨਾਂ ਨੇ ਨਿੱਜੀ ਪੱਧਰ ‘ਤੇ ਇਨ੍ਹਾਂ ਮਸ਼ੀਨਾਂ ਦੀ ਖਰੀਦ ਕੀਤੀ ਹੈ। ਡੀਸੀ ਨੇ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਖਰੀਦ ਕੀਤੀਆਂ ਅਤਿ ਆਧੁਨਿਕ ਮਸ਼ੀਨਾਂ ਸਬੰਧੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਸਦੀਕ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤਕ ਲਗਭਗ 98 ਪ੍ਰਤੀਸ਼ਤ ਮਸ਼ੀਨਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਇਸ ਤਸਦੀਕ ਪ੍ਰਕਿਰਿਆ ਵਿੱਚ ਲਾਭਪਾਤਰੀਆਂ ਦੀ ਮਸ਼ੀਨ ਨਾਲ ਫੋਟੋ ਦੇ ਨਾਲ ਬਿਲ, ਮਸ਼ੀਨਾਂ ਦੀ ਲੰਬਾਈ ਅਤੇ ਚੌੜਾਈ ਸਮੇਤ ਲਾਭਾਪਤਰੀਆਂ ਦੀ ਪੂਰੀ ਜਾਣਕਾਰੀ ਸ਼ਾਮਿਲ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਅਗਲੇ ਹਫ਼ਤੇ ਦੌਰਾਨ ਇਹ ਹੋਰ ਜ਼ੋਰ ਫੜ ਜਾਵੇਗਾ। ਅਜਿਹੇ ਵਿੱਚ ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਖਰੀਦੀ ਕੀਤੀਆਂ ਗਈਆਂ ਅਤਿ ਆਧੁਨਿਕ ਮਸ਼ੀਨਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਰਤੀਆਂ ਜਾਣਗੀਆਂ, ਜਿਸ ਨਾਲ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲੀ ਵਾਰ 16 ਪੰਚਾਇਤਾਂ ਨੇ ਵੀ ਕਰਾਸ ਰੈਜ਼ੀਡਿਊ ਮਸ਼ੀਨਾਂ (ਸੀਆਰਐਮ) ਲਈ ਅਪਲਾਈ ਕੀਤਾ ਅਤੇ ਇਨ੍ਹਾਂ ਮਸ਼ੀਨਾਂ ਦੀ ਖਰੀਦੀ ਕੀਤੀ, ਜਿਨ੍ਹਾਂ ਦੀ ਵਰਤੋਂ ਪਿੰਡ ਵਾਸੀਆਂ ਵੱਲੋਂ ਵੀ ਕੀਤੀ ਜਾਵੇਗੀ। ਇਸ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਸਦਕਾ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ 189 ਸਹਿਕਾਰੀ ਸਭਾਵਾਂ, 750 ਕਸਟਮ ਹਾਇਰਿੰਗ ਸੈਂਟਰਾਂ ਅਤੇ ਪੰਚਾਇਤਾਂ ਆਦਿ ਨੂੰ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਹਿਲ ਦੇ ਅਧਾਰ ‘ਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਮਸ਼ੀਨਾਂ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਪ੍ਰੋਗਰਾਮ ਅਧੀਨ ਕਿਸਾਨਾਂ ਨੂੰ ਸੁਪਰ ਐਸਐਮਐਸ, ਚੋਪਰ ਸ਼੍ਰੈਡਰ, ਮਲਚਰ, ਰੋਟਾਵੇਟਰ ਅਤੇ ਆਰਐਮਬੀ ਹਲਕੇ ਲਈ ਸੁਪਰ ਐਸਐਮਐਸ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕੈਂਪਾਂ ਵਿੱਚ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਕਈ ਪੌਸ਼ਟਿਕ ਤੱਤ ਸੜ ਜਾਂਦੇ ਹਨ ਅਤੇ ਕਈ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਲਈ ਬਹੁਤ ਨੁਕਸਾਨਦਾਇਕ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਧਰਤੀ ਦੀ ਸਿਹਤ ਵਿੱਚ ਸੁਧਾਰ ਲਈ ਪਰਾਲੀ ਦੀ ਖੇਤਾਂ ਵਿੱਚ ਨਿਪਟਾਰੇ ਲਈ ਵਿਭਾਗ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਜਾਂਦੀਆਂ ਅਤਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ।

Comment here

Verified by MonsterInsights