ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਨੂੰ ਵੀ ਸ਼ਾਮਿਲ ਹੋਣ ਲਈ ਕਿਹਾ…
ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਕੱਲ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤਾਂ ਦੀ ਸਥਿਤੀ ਗੰਭੀਰ ਹੋਣ ਵੱਲ ਧਿਆਨ ਦਿਵਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿੱਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਨੇ ਰਾਜਘਾਟ ਵਿਖੇ ਸੰਕੇਤਿਕ ਧਰਨਾ ਦੇਣ ਦਾ ਫੈਸਲਾ ਇਸ ਕਰਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵੱਲ ਦਿਵਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਣ ਦੇ ਮੱਦੇਨਜ਼ਰ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ ਵਿੱਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਉਹ ਖੁਦ ਪਹਿਲੇ ਜੱਥੇ ਦੀ ਸਵੇਰੇ 10:30 ਅਗਵਾਈ ਕਰਨਗੇ।
ਧਰਨਿਆਂ ਵਿੱਚ ਹਿੱਸਾ ਲੈਣ ਦੀ ਮੁੜ ਅਪੀਲ ਕੀਤੀ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਸੂਬੇ, ਜੋ ਕਿ ਆਖਰੀ ਨਿੱਜੀ ਪਾਵਰ ਪਲਾਂਟ ਦੇ ਅੱਜ ਬੰਦ ਹੋ ਜਾਣ ਕਾਰਨ ਔਕੜ ਭਰੀ ਸਥਿਤੀ ਵਿੱਚੋਂ ਲੰਘ ਰਿਹਾ ਹੈ, ਦੇ ਹਿੱਤਾਂ ਨੂੰ ਵੇਖਦੇ ਹੋਏ ਇਨਾਂ ਧਰਨਿਆਂ ਵਿੱਚ ਹਿੱਸਾ ਲੈਣ ਦੀ ਮੁੜ ਅਪੀਲ ਕੀਤੀ। ਜੀ.ਵੀ.ਕੇ. ਨੇ ਇਹ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਿਹਰ ਤਿੰਨ ਵਜੇ ਤੋਂ ਸੰਚਾਲਨ ਬੰਦ ਕਰ ਦੇਵੇਗਾ ਕਿਉਂਕਿ ਕੋਲੇ ਦੀ ਮਾਤਰਾ ਪੂਰੀ ਤਰਾਂ ਖਤਮ ਹੋ ਚੁੱਕੀ ਹੈ। ਸੂਬੇ ਵਿੱਚ ਸਰਕਾਰੀ ਤੇ ਹੋਰ ਨਿੱਜੀ ਪਾਵਰ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲਣ ਲਈ ਦੋ ਕੇਂਦਰੀ ਮੰਤਰੀਆਂ ਵੱਲੋਂ ਇਨਕਾਰ ਕਰਨ ਦਾ ਗੰਭੀਰ ਨੋਟਿਸ ਲਿਆ ਹੈ ਜਿਨਾਂ ਨੇ ਸੂਬੇ ਲਈ ਮਹੱਤਵਪੂਰਨ ਗੰਭੀਰ ਮਸਲਿਆਂ ਨੂੰ ਵਿਚਾਰਨਾ ਸੀ। ਮੰਤਰੀਆਂ ਨੇ ਰੇਲਵੇ ਅਤੇ ਵਿੱਤ ਮੰਤਰਾਲਿਆਂ ਪਾਸੋਂ ਮਾਲ ਗੱਡੀਆਂ ਦੀ ਮੁਅੱਤਲੀ ਅਤੇ ਜੀ.ਐਸ.ਟੀ. ਦੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਮਾਮਲੇ ਵਿਚਾਰਨ ਲਈ ਸਮਾਂ ਮੰਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਨੇ ਸੂਬੇ ਨੂੰ ਡੂੰਘੇ ਸੰਕਟ ਵਿੱਚ ਧੱਕ ਦਿੱਤਾ ਹੈ। ਉਨਾਂ ਨੇ ਹਾਲ ਦੀਆਂ ਪ੍ਰਸਥਿਤੀਆਂ ਨੂੰ ਭਾਰਤ ਦੇ ਸੰਵਿਧਾਨਕ ਸੰਘੀ ਢਾਂਚੇ ਦੇ ਵਿਰੁੱਧ ਕਰਾਰ ਦਿੱਤਾ। ਉਨਾਂ ਨੇ ਖਬਰਦਾਰ ਕਰਦਿਆਂ ਕਿਹਾ ਕਿ ਜੇਕਰ ਸਥਿਤੀ ਨਾ ਸੰਭਾਲੀ ਤਾਂ ਮੁਲਕ, ਜੋ ਜਮਹੂਰੀ ਸੰਘਵਾਦ ਦੀਆਂ ਨੀਹਾਂ ’ਤੇ ਟਿਕਿਆ ਹੋਇਆ ਹੈ, ਵਿੱਚ ਵੱਡੀ ਉਥਲ-ਪੁਥਲ ਅਤੇ ਆਫ਼ਤ ਖੜੀ ਹੋ ਸਕਦੀ ਹੈ।
Comment here