ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਰੂ ਰੁਝਾਨ ਤੋਂ ਆਪਣੇ ਸਾਥੀਆਂ ਨੂੰ ਵੀ ਜਾਣੂ ਕਰਵਾਉਣ…
ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿੱਚ ਵਿਸ਼ੇਸ਼ ਕੈਂਪ ਲਾਇਆ ਗਿਆ ਜਿਥੇ ਪਰਾਲੀ ਦੇ ਸਹੀ ਢੰਗ ਨਾਲ ਨਿਪਟਾਰੇ ਬਾਬਤ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਪਿੰਡ ਪੱਧਰੀ ਜਾਗਰੂਕਤਾ ਕੈਂਪ ਵਿੱਚ ਕੇਂਦਰ ਦੇ ਡਿਪਟੀ ਡਾਇਰੈਕਟਰ (ਟੇ੍ਰਨਿੰਗ) ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਵਿਸ਼ੇਸ਼ ਤੌਰ ’ਤੇ ਵਾਤਾਵਰਣ ਸੰਕਟ ਅਤੇ ਮਨੁੱਖੀ ਜ਼ਿੰਦਗੀ ਨੂੰ ਹੁੰਦੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਰੂ ਰੁਝਾਨ ਤੋਂ ਆਪਣੇ ਸਾਥੀਆਂ ਨੂੰ ਵੀ ਜਾਣੂ ਕਰਵਾਉਣ।
ਕਿਸਾਨਾਂ ਨੂੰ ਅਪੀਲ ਕਰਦਿਆਂ ਬੌਂਸ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਸਮੇਂ ਦੀ ਮੁੱਖ ਮੰਗ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਰੱਲ ਕੇ ਹੰਭਲੇ ਮਾਰਨੇ ਚਾਹੀਦੇ ਹਨ ਤਾਂ ਜੋ ਜਾਗਰੂਕਤਾ ਹੇਠਲੇ ਪੱਧਰ ਤੱਕ ਅਸਰਦਾਰ ਪਸਾਰ ਕੀਤਾ ਜਾ ਸਕੇ। ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਪ੍ਰੇਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਹੀ ਵਾਤਾਵਰਣ, ਮਿੱਤਰ ਕੀੜਿਆਂ ਅਤੇ ਮਨੁੱਖੀ ਜੀਵਨ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।