ਪੰਜਾਬੀ ਸਪਤਾਹ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਹਿੰਦ ਮੰਡੀ ਦਾ ਹੋਇਆ ਉਦਘਾਟਨ…
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋਇਆ ਹੈ ਜਿਸ ਦਾ ਸਬੂਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਹੋਣਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜਾਬੀ ਸਪਤਾਹ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਹਿੰਦ ਮੰਡੀ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੇ ਐਲੀਮੈਂਟਰੀ ਸਕੂਲਾਂ ਵਿੱਚ 30 ਫੀਸਦੀ ਅਤੇ ਸੈਕੰਡਰੀ ਸਕੂਲਾਂ ਵਿੱਚ 10.66 ਫੀਸਦੀ ਵਿਦਿਆਰਥੀਆਂ ਦਾ ਦਾਖਲਾ ਵਧਿਆ ਹੈ।
ਵਿਧਾਇਕ ਨਾਗਰਾ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਨੂੰ ਪ੍ਰਮਾਤਮਾਂ ਨੇ ਵਿਦਿਆ ਦੀ ਰੌਸ਼ਨੀ ਦੇ ਕੇ ਨਵਾਜਿਆ ਹੈ ਅਤੇ ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਿਖਿਅਤ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਵੱਡੀ ਪੱਧਰ ’ਤੇ ਕਦਮ ਚੁੱਕੇ ਹਨ ਜਿਨ੍ਹਾਂ ਵਿੱਚੋਂ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੇਵਾ ਕਰਨ ਦਾ ਮੌਕਾ ਦੇਣਾ ਇੱਕ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਦੀ 10 ਸਾਲ ਪਹਿਲਾਂ ਕਿਸੇ ਨੇ ਸਾਰ ਨਹੀਂ ਲਈ ਗਈ ਸੀ ਉਨ੍ਹਾਂ ਸਕੂਲਾਂ ਨੂੰ ਅੱਜ ਸੂਬਾ ਸਰਕਾਰ ਨੇ ਅਜਿਹਾ ਬਣਾ ਦਿੱਤਾ ਹੈ ਕਿ ਹਰੇਕ ਵਿਅਕਤੀ ਸਕੂਲ ਵਿੱਚ ਆਪਣੇ ਬੱਚੇ ਨੂੰ ਪੜਾਉਣਾ ਚਾਹੁੰਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੇਰੇ ਸਿੱਖਿਅਤ ਅਧਿਆਪਕ ਹੁੰਦੇ ਹਨ ਜਦੋਂ ਕਿ ਪ੍ਰਾਇਵੇਟ ਸਕੂਲਾਂ ਦੇ ਅਧਿਆਪਕ ਇਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਸਮੇਂ ਦੇ ਹਾਣ ਦੀ ਸਿੱਖਿਆ ਦਿੱਤੀ ਜਾ ਰਹੀ ਹੈ।
ਸ. ਨਾਗਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਕੇ ਸਰਕਾਰ ਨੇ ਇੱਕ ਨਵਾਂ ਕਦਮ ਚੁੱਕਿਆ ਸੀ ਜਿਸ ਵਿੱਚ ਅਧਿਆਪਕਾਂ ਦੇ ਸਹਿਯੋਗ ਨਾਲ ਸਰਕਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਆਨਲਾਈਨ ਤਬਾਦਲਿਆਂ ਦੀ ਨੀਤੀ ਵੀ ਸਰਕਾਰ ਵੱਲੋਂ ਅਪਣਾਈ ਗਈ ਹੈ ਅਤੇ ਮੈਰਿਟ ਅਨੁਸਾਰ ਵੱਖੋ-ਵੱਖ ਮਾਪਦੰਡਾਂ ਉਤੇ ਵਿਚਾਰ ਕਰਦੇ ਹੋਏ ਬੀਤੇ ਵਰ੍ਹੇ 7300 ਤਬਾਦਲੇ ਕੀਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਅਧਿਆਪਕਾਂ ਦੀ ਸਿੱਧੀ ਭਰਤੀ ਸ਼ੁਰੂ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਕਿ 14000 ਆਰਜ਼ੀ ਅਧਿਆਪਕਾਂ ਦੀ ਸੇਵਾਵਾਂ ਵੀ ਰੈਗਲੂਰ ਕੀਤੀਆਂ ਗਈਆਂ ਹਨ।
ਇਨ੍ਹਾਂ ਸਾਰੇ ਕਦਮਾਂ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉਚਾ ਲਿਜਾਣ ਵਿੱਚ ਮੱਦਦ ਮਿਲੀ ਹੈ। ਸਿੱਖਿਆ ਮੰਤਰੀ ਨੇ ਕੋਵਿਡ ਦੇ ਸਮੇ ਦੌਰਾਨ ਆਨਲਾਈਨ ਸਿੱਖਿਆ, ਮਿਡ ਡੇਅ ਮੀਲ ਮੁਹੱਈਆ ਕਰਵਾਉਣ ਅਤੇ ਕਿਤਾਬਾਂ ਦੀ ਵੰਡ ਆਦਿ ਵਰਗੇ ਅਹਿਮ ਕਾਰਜ ਨੇਪਰੇ ਚਾੜ੍ਹ ਕੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਲਈ ਸਮੂਹ ਅਧਿਆਪਕਾਂ ਅਤੇ ਹੋਰ ਅਮਲੇ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ, ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਸਿੰਘ, ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਜੀ.ਐਸ. ਮਿਚਰਾ, ਕੌਂਸਲਰ ਪਵਨ ਕਾਲੜਾ, ਅਮਰਦੀਪ ਸਿੰਘ ਬੈਨੀਪਾਲ, ਨਰਿੰਦਰ ਕੁਮਾਰ ਪ੍ਰਿੰਸ, ਜਿ਼ਲ੍ਹਾ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਪ੍ਰਿੰਸੀਪਲ ਸੰਗਤਪੁਰ ਸੋਢੀਆਂ ਸਰਬਜੀਤ ਸਿੰਘ, ਅਸ਼ੋਕ ਸੂਦ, ਹਰਚੰਦ ਸਿੰਘ, ਪੂਰਨ ਸਹਿਗਲ, ਬਲਾਕ ਐਜੂਕੇਸ਼ਨ ਅਫਸਰ ਸੁਖਵਿੰਦਰ ਕੌਰ, ਸੀ.ਐਚ.ਟੀ. ਕੁਲਵੰਤ ਕੌਰ, ਜਰਨੈਲ ਸਿੰਘ ਤੇ ਖੁਸ਼ਵੰਤ ਰਾਏ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Comment here