ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਤੰਦਰੁਸਤ ਪੰਜਾਬ ਸਿਹਤ ਕੇਂਦਰ’ ਸੂਬੇ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਿੱਗਰ ਪੰਜਾਬ ਦਾ ਸੁਪਨਾ ਵੀ ਸਾਕਾਰ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਰ ’ਚ ਡਿਜੀਟਲ ਤਰੀਕੇ ਨਾਲ ਹੋਰ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਸਬੰਧੀ ਰੱਖੇ ਸਮਾਗਮ ਦੀ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਧਾਨਗੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 120 ਤੰਦਰੁਸਤ ਪੰਜਾਬ ਸਿਹਤ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਵਿੱਚ 87 ਸਬ-ਸਿਹਤ ਕੇਂਦਰ, 31 ਮੁੱਢਲੇ ਕੇਂਦਰ ਅਤੇ 2 ਸ਼ਹਿਰੀ ਸਿਹਤ ਕੇਂਦਰ ਪੁਰਹੀਰਾਂ ਅਤੇ ਅਸਲਾਮਾਬਾਦ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਪਲਬੱਧ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
Comment here