ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਮੰਤਰੀਆਂ ਅਤੇ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਬੋਲਦਿਆਂ ਸਮਾਜ ਸੇਵੀ ਯੋਗੇਂਦਰ ਯਾਦਵ ਨੇ ਕਿਹਾ ਕਿ 6 ਤੋਂ 20 ਦਸੰਬਰ ਤੱਕ ਪੂਰੇ ਦੇਸ਼ ‘ਚ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ, ਜਿਸ ‘ਚ ਰੈਲੀਆਂ ,ਰੋਸ ਪ੍ਰਦਰਸ਼ਨ, ਪ੍ਰੈੱਸ ਕਾਨਫਰੰਸ ਆਦਿ ਹੋਣਗੇ ਅਤੇ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਇਆ ਜਾਵੇਗਾ।
ਉਥੇ ਹੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ ‘ਚ ਕੁੱਝ ਸਕਾਰਾਤਮਕ ਨਤੀਜਾ ਨਿਕਲੇਗਾ ਪਰ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਕਿ ਗੱਲਬਾਤ ਦਾ ਸੱਤਵਾਂ ਦੌਰ ਅੰਤਮ ਹੋਵੇਗਾ ਜਾਂ ਨਹੀਂ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੇ ਉਨ੍ਹਾਂ ਕਿਹਾ ਕਿ ਮੈਂ ਇਸਦੇ ਬਾਰੇ ਹਲੇ ਕੁਝ ਨਹੀਂ ਕਹਿ ਸਕਦਾ ਪਰ ਉਮੀਦ ਹੈ ਕਿ ਜੋ ਵੀ ਫੈਸਲਾ ਲਿਆ ਜਾਂਦਾ ਹੈ ਉਹ ਦੇਸ਼ ਅਤੇ ਕਿਸਾਨੀ ਦੇ ਹਿੱਤ ਵਿੱਚ ਹੋਵੇਗਾ।
ਇਸ ਮੀਟਿੰਗ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਦੇ ਕਾਨੂੰਨੀ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਹਾਲੇ ਵੀ ਤਿੰਨ ਕਾਨੂੰਨਾਂ ਖਿਲਾਫ਼ ਲੜਾਈ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਹੋਣ ਵਾਲੀ ਬੈਠਕ ‘ਚ ਕੋਈ ਗੱਲ ਨਹੀਂ ਨਿਕਲਿਆ ਤਾਂ 6 ਜਨਵਰੀ ਨੂੰ ਟਰੈਕਟਰ ਰੈਲੀ ਕਰਾਂਗੇ। ਇਸ ਦੇ ਨਾਲ ਹੀ 6 ਜਨਵਰੀ ਨੂੰ ਕੇ.ਐਮ.ਪੀ ਹਾਈਵੇ ਬੰਦ ਹੋਵੇਗਾ।
Comment here