ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 156 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਮੰਗਾਂ ਪੂਰੀਆਂ ਹੋਣ ਤੱਕ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਵੀ ਅੰਦੋਲਨ ਨੂੰ ਜਾਰੀ ਰੱਖਣ ਦੇ ਮੂਡ ਵਿੱਚ ਹਨ। ਅੰਦੋਲਨ ਦੇ ਦੌਰਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ ਹਰ ਤਿਉਹਾਰ ਅਤੇ ਦਿਵਸ ਵੀ ਉੱਥੇ ਹੀ ਮਨਾ ਰਹੇ ਹਨ। ਇਸ ਦੌਰਾਨ ਹੁਣ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਕਿਸਾਨ 1 ਮਈ ਨੂੰ ਕਿਸਾਨ-ਮਜ਼ਦੂਰ ਏਕਤਾ ਦਿਵਸ ਵਜੋਂ ਮਨਾਉਣਗੇ। ਇਸ ਦੇ ਲਈ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਆਨਲਾਈਨ ਮੀਟਿੰਗ ਹੋਈ ਹੈ। ਇੱਥੇ ਪੰਜਾਬ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ 1 ਮਈ ਨੂੰ ਦਿੱਲੀ ਸਰਹੱਦ ਸਮੇਤ ਪੰਜਾਬ-ਹਰਿਆਣਾ ਦੀਆ ਕਈ ਥਾਵਾਂ ‘ਤੇ ਮਨਾਇਆ ਜਾਵੇਗਾ। ਇਸ ਦਿਨ, ਖ਼ਾਸਕਰ ਮਜ਼ਦੂਰ ਆਗੂ ਸਟੇਜ ਸੰਭਾਲਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੇ ਕਿਹਾ ਕਿ ਅੰਦੋਲਨ ਨੂੰ ਤੋੜਨ ਲਈ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਕਿਸਾਨ ਮਜਬੂਤੀ ਨਾਲ ਅੜੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨਾਂ ਲਈ ਜਿੰਨੇ ਮਾਰੂ ਹਨ, ਓਨੇ ਹੀ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਲਈ ਵੀ ਹਨ। ਬੀਤੇ ਕਈ ਮਹੀਨਿਆਂ ਤੋਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕ, ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਸਾਹਮਣੇ ਚੱਲ ਰਹੇ ਕਿਸਾਨ ਧਰਨਿਆਂ ਵਿੱਚ 1 ਮਈ ਨੂੰ ਕਿਸਾਨਾਂ-ਮਜ਼ਦੂਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ।
Comment here