ਬੀਤੇ ਦਿਨ ਪੱਛਮੀ ਬੰਗਾਲ ਵਿੱਚ 8 ਪੜਾਵਾਂ ਵਿੱਚ ਪਈਆਂ ਵੋਟਾਂ ਦਾ ਨਤੀਜਾ ਆਇਆ ਹੈ, ਜਿਸ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੇ ਬਾਜ਼ੀ ਮਾਰੀ ਹੈ। ਟੀਐਮਸੀ ਨੇ 292 ਸੀਟਾਂ ‘ਤੇ ਹੋਈਆਂ ਚੋਣਾਂ ਵਿੱਚੋਂ 213 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਟੀਐਮਸੀ ਦੀ ਵੱਡੀ ਜਿੱਤ ਤੋਂ ਬਾਅਦ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਸ਼ਾਮ 7 ਵਜੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦੇ ਦਾਅਵੇ ਦੀ ਦਾਅਵੇਦਾਰੀ ਕਰਨਗੇ। ਇਸ ਦੌਰਾਨ, ਅੱਜ ਪ੍ਰਧਾਨ ਮੰਤਰੀ ਮੋਦੀ ਵੱਲੋਂ ਵਧਾਈ ਦੇ ਸੰਦੇਸ਼ ਮਿਲਣ ‘ਤੇ ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਧਾਨ ਮੰਤਰੀ ਨੇ ਫੋਨ ਨਹੀਂ ਕੀਤਾ।
ਦੱਸ ਦਈਏ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਸੀ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਸੀ, “ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਲਈ ਮਮਤਾ ਦੀਦੀ ਨੂੰ ਵਧਾਈ। ਪੱਛਮੀ ਬੰਗਾਲ ਸਰਕਾਰ ਨੂੰ ਕੋਵਿਡ -19 ਵਿਰੁੱਧ ਜਿੱਤ ਪ੍ਰਾਪਤ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਜਾਰੀ ਰਹੇਗੀ।” ਪੱਛਮੀ ਬੰਗਾਲ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਟੀਐਮਸੀ ਅਤੇ ਭਾਜਪਾ ਨੇਤਾਵਾਂ ਨੇ ਇੱਕ ਦੂਜੇ ਉੱਤੇ ਟਿੱਪਣੀਆਂ ਕੀਤੀਆਂ ਸੀ। ਮਮਤਾ ਬੈਨਰਜੀ ਪ੍ਰਧਾਨ ਮੰਤਰੀ ਮੋਦੀ ਦੇ ਨਿਸ਼ਾਨੇ ‘ਤੇ ਸਨ, ਜਦਕਿ ਪ੍ਰਧਾਨ ਮੰਤਰੀ ਮੋਦੀ ਮਮਤਾ ਬੈਨਰਜੀ ਦੇ ਨਿਸ਼ਾਨੇ ‘ਤੇ ਸਨ।
Comment here