ਇਸ ਸਮੇ ਇੱਕ ਵੱਡੀ ਖਬਰ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੱਟੀ ਦੇ ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਜਦਕਿ ਇਸ ਹਮਲੇ ਦੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਫੌਜੀ ਤੇ ਪ੍ਰਭਦੀਪ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਦੱਸ ਦੇਈਏ ਕਿ ਉਕਤ ਵਿਅਕਤੀ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਜਗ੍ਹਾ ਤੇ ਸੇਵਾ ਕਰਨ ਲਈ ਜਾ ਰਹੇ ਸਨ ਤਾਂ ਕੁੱਝ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਇਸ ਦੌਰਾਨ ਸੇਵਾ ਸਿੰਘ ਨਾਮਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ l
ਜਿਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਥਾਣਾ ਸਿਟੀ ਪੱਟੀ ਪੁਲਸ ਅਤੇ ਡੀ ਐੱਸ ਪੀ ਕੁਲਜਿੰਦਰ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ। ਉਧਰ ਰੋਸ ਵਿੱਚ ਆਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ ਮੌਤ ਹੋਈ ਹੈ।ਜੇ ਸਮਾਂ ਰਹਿੰਦੇ ਹੀ ਪੁਲਸ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਤਾਂ ਇਹ ਹਾਦਸਾ ਨਹੀਂ ਵਾਪਰਨਾ ਸੀ।