ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ।
ਅੰਦੋਲਨਕਾਰੀ ਕਿਸਾਨ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ, ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸ਼ਨੀਵਾਰ ਨੂੰ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਪਠਾਨਕੋਟ ਵਿੱਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਘਿਰਾਓ ਕੀਤਾ ਗਿਆ। ਜਿਸ ਵਿੱਚ ਜਮਹੂਰੀ ਕਿਸਾਨ ਸਭਾ, ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਸਮੇਤ ਕਈ ਹੋਰ ਸੰਸਥਾਵਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਹਰ ਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਹਿੰਦੇ ਹਨ ਕਿ ਭਾਜਪਾ ਵਰਕਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ। ਕਿਤੇ ਵੀ ਕੋਈ ਨਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਵਿੱਚ ਕੋਈ ਗੁੱਸਾ ਨਹੀਂ ਹੈ ਤਾਂ ਉਹ ਕੌਣ ਹਨ ਜੋ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ ? ਇਸ ਤੋਂ ਇਲਾਵਾ ਜੇਕਰ ਪੰਜਾਬ ਭਰ ਦੇ ਟੋਲ ਪਲਾਜ਼ਿਆਂ ‘ਤੇ ਪ੍ਰਦਰਸ਼ਨ ਕਰ ਰਹੇ ਲੋਕ ਕਿਸਾਨ ਨਹੀਂ ਹਨ ਤਾਂ ਫਿਰ ਕੌਣ ਹਨ?
ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨ ਕਾਲੇ ਖੇਤੀਬਾੜੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦੇ ਧਰਨੇ ਅਤੇ ਰੈਲੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਗੁਪਤ ਤਰੀਕੇ ਨਾਲ ਮੀਟਿੰਗਾਂ ਕਰਨੀਆਂ ਬੰਦ ਕਰਨ ਅਤੇ ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਮੀਡੀਆ ਨੂੰ ਮੀਟਿੰਗ ਤੋਂ 1 ਦਿਨ ਪਹਿਲਾਂ ਸੂਚਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਵੀ ਉਨ੍ਹਾਂ ਦੇ ਸਮਾਗਮਾਂ ਬਾਰੇ ਜਾਣਕਾਰੀ ਮਿਲ ਸਕੇ। ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 192 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ।
Comment here