ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ। ਆਮ ਲੋਕਾਂ ਤੋਂ ਲੈ ਕੇ ਸਿਆਸਤ ਤੱਕ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਗੱਲ ਦਾ ਖੁਲਾਸਾ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਦੱਸ ਦੇਈਏ ਕਿ ਪੰਜਾਬ ਕੈਬਨਿਟ ਵੱਲੋਂ ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਤਰਸ ਦੇ ਆਧਾਰ ‘ਤੇ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਮੁੱਖ ਮੰਤਰੀ ਸਵਾਲਾਂ ਵਿੱਚ ਘਿਰ ਚੁੱਕੇ ਹਨ।

ਅਜੇ ਦੂਜੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਸ: ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ਵਿੱਚ ਮਿਲੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਪਰਿਵਾਰਾਂ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ, ਜਦਕਿ ਵਿਰੋਧੀ ਧਿਰਾਂ ਤੇ ਇਥੋਂ ਤੱਕ ਕਿ ਕੈਪਟਨ ਦੇ ਆਪਣੇ ਮੰਤਰੀ ਤੇ ਆਗੂ ਇਸ ਫੈਸਲੇ ਦੇ ਖਿਲਾਫ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋੜਪਤੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣਾ ਸਰਾਸਰ ਗਲਤ ਹੈ।
Comment here