ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋਣ ਵਾਲੇ ਹਨ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ।
ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਇਸੇ ਦੌਰਾਨ ਅੱਜ ਹਿਸਾਰ ਵਿੱਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਬੈਠਕ ਦੇ ਵਿਰੋਧ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਵਾਧੂ ਪੁਲਿਸ ਫੋਰਸ ਬੁਲਾ ਲਈ ਗਈ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਭਾਜਪਾ ਦਫਤਰ ਤੋਂ ਥੋੜ੍ਹੀ ਦੂਰੀ ‘ਤੇ ਬੈਰੀਕੇਡ ਲਗਾਏ ਗਏ ਸਨ। ਪੁਲਿਸ ਨੇ ਸੈਕਟਰ 14 ਦੇ ਨੇੜੇ ਨਾਕਾ ਲਗਾ ਕੇ ਵਾਹਨਾਂ ਦੇ ਦਾਖਲੇ ਨੂੰ ਰੋਕ ਦਿੱਤਾ ਹੈ। ਗੁੱਸੇ ਵਿੱਚ ਆਏ ਕਿਸਾਨਾਂ ਨੇ ਭਾਜਪਾ ਦਫ਼ਤਰ ਨੇੜੇ ਝੰਡੇ ਅਤੇ ਫਲੈਕਸਾਂ ਨੂੰ ਪਾੜ ਦਿੱਤਾ।
Comment here