Site icon SMZ NEWS

ਸਿੱਧੂ ਬਨਾਮ ਕੈਪਟਨ ! ਸਿੱਧੂ ਨੇ ਦਿੱਲੀ ‘ਚ ਲਾਇਆ ਡੇਰਾ ਤਾਂ ਕੈਪਟਨ ਨੇ ਹਮਾਇਤੀਆਂ ਨਾਲ ਕੀਤਾ ਲੰਚ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਹਲਚਲ ਨਿਰੰਤਰ ਜਾਰੀ ਹੈ। ਨਵਜੋਤ ਸਿੱਧੂ ਦੋ ਦਿਨ ਤੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਦਿੱਲੀ ਵਿੱਚ ਡੇਰਾ ਲਾ ਕੇ ਬੈਠੇ ਹਨ।

ਇਸ ਦੇ ਨਾਲ ਹੀ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੇ ਵਿਚਾਰ-ਵਟਾਂਦਰੇ ਦੇ ਵਿਚਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀਰਵਾਰ ਦੁਪਹਿਰ ਨੂੰ ਆਪਣੇ ਸਮਰਥਕ ਨੇਤਾਵਾਂ ਨੂੰ ਚੰਡੀਗੜ੍ਹ ਦੇ ਮੁੱਖ ਮੰਤਰੀ ਨਿਵਾਸ ਵਿਖੇ ਲੰਚ ਲਈ ਬੁਲਾਇਆ ਹੈ। ਇੱਕ ਤਰ੍ਹਾਂ ਨਾਲ, ਇਸ ਨੂੰ ਮੁੱਖ ਮੰਤਰੀ ਕੈਪਟਨ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਕੈਪਟਨ ਨੂੰ ਮਿਲਣ ਵਾਲਿਆਂ ਵਿੱਚ ਸ਼ਹਿਰੀ ਖੇਤਰ ਦੇ ਵਿਧਾਇਕ ਵੀ ਸ਼ਾਮਿਲ ਹਨ।

ਕਈ ਕਾਂਗਰਸੀ ਨੇਤਾਵਾਂ ਅਤੇ ਵਿਧਾਇਕਾਂ ਨੂੰ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਦੇ ਖਾਣੇ ਦੀ ਡਿਪਲੋਮੇਸੀ ਤਹਿਤ ਬੁਲਾਇਆ ਗਿਆ ਹੈ। ਹੁਣ ਤੱਕ ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਖੇਡ ਮੰਤਰੀ ਰਾਣਾ ਗੁਰਮੀਤ ਸੋਢੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਵਿਧਾਇਕ ਫਤਹਿ ਜੰਗ ਬਾਜਵਾ ਸਮੇਤ ਕਈ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਪਹੁੰਚੇ। ਇਹ ਸਭ ਉਦੋਂ ਹੋ ਰਿਹਾ ਹੈ ਜਦੋਂ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਪੱਖ ਪੇਸ਼ ਕੀਤਾ। ਵੀਰਵਾਰ ਨੂੰ ਹੋਏ ਇਸ ਇਕੱਠ ਵਿੱਚ ਕੀ ਫੈਸਲਾ ਹੁੰਦਾ ਹੈ ਇਸ ਲਈ ਸਾਰਿਆਂ ਦੀਆਂ ਨਜ਼ਰਾਂ ਇਸ ‘ਤੇ ਹਨ। ਕਿਉਂਕਿ ਅਮਰਿੰਦਰ ਸਿੰਘ ਖ਼ੁਦ ਕਈ ਵਾਰੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਮਹੱਤਵਪੂਰਨ ਅਹੁਦਾ ਦੇਣ ਤੋਂ ਇਨਕਾਰ ਕਰਦੇ ਆ ਰਹੇ ਹਨ, ਹੁਣ ਅੱਗੇ ਕਿ ਹੋਵੇਗਾ, ਉਹ ਵੇਖਣਾ ਹੋਵੇਗਾ।

ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਅੰਦਰੂਨੀ ਕਲੇਸ਼ ਵਿਚਕਾਰ ਪਾਰਟੀ ‘ਚ ਇੱਕ ਮਹੱਤਵਪੂਰਣ ਜ਼ਿੰਮੇਵਾਰੀ ਮਿਲ ਸਕਦੀ ਹੈ। ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਉਨ੍ਹਾਂ ਦੁਆਰਾ ਦਿੱਤੇ ਫਾਰਮੂਲੇ ‘ਤੇ ਸਹਿਮਤੀ ਦੇ ਦਿੱਤੀ ਹੈ। ਸਿੱਧੂ ਨੂੰ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਬਾਰੇ ਕਾਂਗਰਸ ਪਾਰਟੀ ਅਗਲੇ 48 ਘੰਟਿਆਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਦੇਰ ਸ਼ਾਮ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ ਕਰੀਬ ਇੱਕ ਘੰਟਾ ਚੱਲੀ।

ਮਹੱਤਵਪੂਰਣ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ, ਪਰ ਹੁਣ ਪੰਜਾਬ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਕਿਉਂਕਿ ਅਗਲੇ ਸਾਲ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਇੱਕ ਕਮੇਟੀ ਬਣਾਈ ਗਈ ਸੀ, ਜਿਸ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਣੇ ਪੰਜਾਬ ਦੇ ਹੋਰ ਲੀਡਰ ਪੇਸ਼ ਹੋ ਚੁੱਕੇ ਸਨ।

Exit mobile version