CoronavirusIndian PoliticsNationNewsPunjab newsWorld

ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ : ਵਿਨੀ ਮਹਾਜਨ

ਸੂਬੇ ਵਿੱਚ ਖੇਤੀਬਾੜੀ ਅਤੇ ਸਹਾਇਕ ਸੈਕਟਰਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਅੱਜ 430 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।

ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਦੇ 5, ਬਾਗਬਾਨੀ ਦੇ 6, ਪੰਜਾਬ ਐਗਰੋ ਦੇ 5, ਮਾਰਕਫੈੱਡ ਦੇ 2, ਡੇਅਰੀ ਵਿਕਾਸ ਦੇ 3 ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 9 ਪ੍ਰਾਜੈਕਟ ਸ਼ਾਮਲ ਹਨ। ਇਹ ਸਾਰੇ ਪ੍ਰਾਜੈਕਟ ਸੂਬੇ ਵਿੱਚ ਲਾਗੂ ਕੀਤੇ ਜਾਣਗੇ। ਇਸ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕਣਕ ਦੇ ਬੀਜ ਦਾ ਬਦਲਾਅ, ਖੇਤੀ ਵਿਭਿੰਨਤਾ ਅਤੇ ਫਸਲਾਂ ਤੇ ਜਾਨਵਰਾਂ ਸਬੰਧੀ ਖੋਜ ਪ੍ਰਾਜੈਕਟਾਂ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਸੂਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰਾਜੈਕਟਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ.ਕੇ.ਵੀ.ਵਾਈ. ਸਕੀਮ ਅਧੀਨ ਪ੍ਰਾਜੈਕਟਾਂ ਰਾਹੀਂ ਖੇਤੀਬਾੜੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਇਹ ਸਕੀਮ 60:40 ਦੇ ਅਨੁਪਾਤ ਨਾਲ ਚੱਲ ਰਹੀ ਹੈ।

 

ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਪੰਜਾਬ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਗੇ ਬਲਕਿ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਖੇਤੀਬਾੜੀ ਦੀ ਵਿਕਾਸ ਦਰ ਨੂੰ ਵੀ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਫੰਡਾਂ ਨੂੰ ਛੇਤੀ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਪਹਿਲ ਦੇ ਅਧਾਰ ‘ਤੇ ਫੰਡ ਮੁਹੱਈਆ ਕਰਵਾਏ ਜਾਣਗੇ। ਮੁੱਖ ਸਕੱਤਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਵਿੱਤੀ ਵਰ੍ਹੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਅਤੇ ਵਰਤੋਂ ਸਬੰਧੀ ਸਰਟੀਫਿਕੇਟ ਤੁਰੰਤ ਭੇਜਣ ਤਾਂ ਜੋ ਨਵੇਂ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਲਈ ਭਾਰਤ ਸਰਕਾਰ ਵੱਲੋਂ ਫੰਡ ਜਲਦ ਪ੍ਰਾਪਤ ਕੀਤੇ ਜਾ ਸਕਣ।

ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (ਪਸ਼ੂ ਪਾਲਣ), ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਪੀ.ਏ ਸਿਨ੍ਹਾ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਭਾਰਤ ਸਰਕਾਰ ਵੱਲੋਂ ਆਰ.ਕੇ.ਵੀ.ਵਾਈ. ਦੇ ਡਾਇਰੈਕਟਰ ਆਨੰਦ ਕ੍ਰਿਸ਼ਨ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ, ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਅਤੇ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਸਿੱਧੂ ਵੀ ਮੌਜੂਦ ਸਨ।

Comment here

Verified by MonsterInsights