Site icon SMZ NEWS

ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਰਿਵਾਰ ‘ਚੋਂ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕਿਸਾਨੀ ਅੰਦੋਲਨ ਵਿਚ ਸ਼ਹੀਦਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸ. ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਲਗਭਗ 7 ਮਹੀਨਿਆਂ ਤੋਂ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੋਰਚਾ ਲੈ ਕੇ ਬੈਠੇ ਹੋਏ ਹਨ।

ਕਿਸਾਨਾਂ ਵੱਲੋਂ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਦਿਨ ਰਾਤ, ਗਰਮੀ ਸਰਦੀ ਵਿਚ ਸਾਡੇ ਕਿਸਾਨ, ਔਰਤਾਂ, ਬੱਚੇ ਤੇ ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿਚ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਫ੍ਰੀ ਦਿੱਤੀ ਜਾਵੇਗੀ।

ਸ਼ਹੀਦ ਦੇ ਪੂਰੇ ਪਰਿਵਾਰ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ । ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਕਿਉਂਕਿ ਇਹ ਸੰਘਰਸ਼ ਪੂਰੇ ਪੰਜਾਬੀਆਂ ਦਾ ਸੰਘਰਸ਼ ਹੈ। ਮੋਦੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਏਗੀ ਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

Exit mobile version