ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਖਿਲਾਫ ਤਿੰਨ ਪੈਂਡਿੰਗ ਟੈਕਸ ਮਾਮਲਿਆਂ ਦੀ ਸੁਣਵਾਈ ਅਦਾਲਤ ਵੱਲੋਂ 4 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਅਦਾਲਤ ਵੱਲੋਂ ਸੰਮਨ ਦੇ ਹੁਕਮਾਂ ‘ਤੇ ਆਪਣਾ ਫੈਸਲਾ ਸੁਣਾਏ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ। ਇਨਕਮ ਟੈਕਸ ਵਿਭਾਗ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਇਸ ਕੇਸ ਦੀ ਸੁਣਵਾਈ ਫਿਲਹਾਲ ਮੁਲਤਵੀ ਕਰ ਦੇਣ ਕਿਉਂਕਿ ਵਿਭਾਗ ਵੱਲੋਂ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਜਲਦ ਹੀ ਕਿਸੇ ਫੈਸਲੇ ਦੀ ਉਮੀਦ ਕੀਤੀ ਜਾਂਦੀ ਹੈ, ਇਸ ਲਈ ਉਦੋਂ ਤੱਕ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।
ਇਨਕਮ ਟੈਕਸ ਵਿਭਾਗ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਣਇੰਦਰ ਸਿੰਘ ਖ਼ਿਲਾਫ਼ ਦਿੱਤੀ ਸ਼ਿਕਾਇਤ ਵਿੱਚ ਵਿਭਾਗ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਅਨੇਕਾਂ ਚੱਲ ਅਤੇ ਅਚੱਲ ਸੰਪਤੀ ਬਣਾਈ ਹੈ। ਵਿਭਾਗ ਨੂੰ ਹਨੇਰੇ ਵਿਚ ਰੱਖਦਿਆਂ ਜਰਕੰਧਾ ਟਰੱਸਟ ਰਾਹੀਂ ਬਹੁਤ ਸਾਰੇ ਲਾਭ ਹਾਸਲ ਕੀਤੇ ਗਏ।
ਇਨਕਮ ਟੈਕਸ ਵਿਭਾਗ ਦੇ ਅਨੁਸਾਰ ਕੈਪਟਨ ਨੇ ਜਾਣ ਬੁੱਝ ਕੇ ਇਸ ਬਾਰੇ ਆਪਣੇ ਦਸਤਾਵੇਜ਼ ਵਿਭਾਗ ਤੋਂ ਲੁਕਾਏ ਸਨ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਰਣਦੀਪ ਸਿੰਘ ਨੇ ਅੜਿੱਕੇ ਪੈਦਾ ਕਰਨ ਅਤੇ ਸਰਕਾਰੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।