ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।
ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਕਾਬੁਲ ਹਵਾਈ ਅੱਡੇ ‘ਤੇ ਵੀ ਭਗਦੜ ਵਰਗੀ ਸਥਿਤੀ ਦੇਖਣ ਨੂੰ ਮਿਲੀ ਹੈ। ਇਸ ਵਿਚਕਾਰ ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਹਿਰ ਭਾਰਤ ਲਈ ਵੀ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ, ਦਰਅਸਲ ਉੱਥੇ ਵਸਦੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਆ ਦਾ ਮੁੱਦਾ ਹੁਣ ਭਾਰਤ ਦੀ ਚਿੰਤਾ ਵਿੱਚ ਵਾਧਾ ਕਰ ਰਿਹਾ ਹੈ। ਪਰ ਇਸ ਸਬੰਧੀ ਇੱਕ ਵੱਡੀ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਕੀਤੀ ਵਿੱਚ ਕਿਹਾ ਕਿ ਗਜ਼ਨੀ ਅਤੇ ਜਲਾਲਾਬਾਦ ਵਿੱਚ ਰਹਿੰਦੇ ਸਾਡੇ ਭਾਈਚਾਰੇ ਦੇ ਲੋਕਾਂ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਚ ਸ਼ਰਨ ਲਈ ਹੋਈ ਹੈ। ਇਨ੍ਹਾਂ ਵਿੱਚ ਕੁੱਲ 320 ਲੋਕ ਹਨ, ਜਿਨ੍ਹਾਂ ’ਚ 50 ਹਿੰਦੂ ਹਨ ਅਤੇ ਬਾਕੀ ਸਾਰੇ ਸਿੱਖ ਪਰਿਵਾਰ ਹਨ। ਸਿਰਸਾ ਨੇ ਕਿਹਾ ਕਿ ਉਹ ਸਾਰੇ ਸੁਰੱਖਿਅਤ ਹਨ ਅਤੇ ਗੁਰਦੁਆਰਾ ਸਾਹਿਬ ਅੰਦਰ ਹਨ।
ਉਨ੍ਹਾਂ ਨੇ ਕਿਹਾ ਕਿ ਮੈਂ ਕਾਬੁਲ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਾਲ ਲਗਾਤਾਰ ਸੰਪਰਕ ‘ਚ ਹਾਂ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਸਾਰੇ ਲੋਕ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾ ਹੀ ਤਾਲਿਬਾਨ ਦੇ ਸਥਾਨਕ ਲੀਡਰਾਂ ਨੇ ਗੁਰਦੁਆਰਾ ਸਾਹਿਬ ਜਾਂ ਕਿ ਉਥੋ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ, ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਇਆ ਹੈ।