ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਸ ਦੌਰਾਨ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਜ ਫਿਰ ਇੱਕ ਵਾਰ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਗੱਲਬਾਤ ਹੋਣ ਜਾਂ ਰਹੀ ਹੈ। ਇਸ ਸਮੇਂ ਕਿਸਾਨਾਂ ਦੀ ਐਸਕੇਐਮ ਯਾਨੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖਤਮ ਹੋ ਗਈ ਹੈ ਅਤੇ ਹੁਣ ਪ੍ਰਸ਼ਾਸਨ ਦੇ ਨਾਲ 2 ਵਜੇ ਕਿਸਾਨਾਂ ਦੀ ਇੱਕ ਮੀਟਿੰਗ ਹੋਵੇਗੀ। ਪ੍ਰਸ਼ਾਸਨ ਨੇ ਅੱਜ ਫਿਰ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਦੀ 11 ਮੈਂਬਰੀ ਕਮੇਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ ਜਾਵੇਗੀ, ਅਤੇ ਸਿਰਫ ਭਲਕੇ ਵਾਲੀਆਂ ਮੰਗਾਂ ਹੀ ਦੁਬਾਰਾ ਪ੍ਰਸ਼ਾਸਨ ਅੱਗੇ ਰੱਖੀਆਂ ਜਾਣਗੀਆਂ। ਹੁਣ ਦੇਖਣਾ ਹੋਵੇਗਾ ਕਿ ਕੀ ਅੱਜ ਇਸ ਮਸਲੇ ਦਾ ਹੱਲ ਨਿਕਲੇਗਾ ਜਾਂ ਨਹੀਂ !
ਬੀਤੀ ਸ਼ਾਮ ਤਿੰਨ ਦੌਰ ਦੀ ਗੱਲਬਾਤ ਅਸਫਲ ਰਹਿਣ ਤੋਂ ਬਾਅਦ, ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੂਚ ਕੀਤਾ ਸੀ। ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਪਰ ਕਿਸਾਨ ਨਹੀਂ ਰੁਕੇ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਓਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉੱਥੇ ਹੀ ਪ੍ਰਸ਼ਾਸਨ ਨੇ ਅੱਜ ਵੀ ਕਰਨਾਲ ਵਿੱਚ ਇੰਟਰਨੈਟ ਅਤੇ ਐਸਐਮਐਸ ਸੇਵਾ ਤੇ ਪਾਬੰਦੀ ਲਗਾ ਦਿੱਤੀ ਹੈ।