ਸਿੱਖ ਗੁਰੂ ਅਮਰਦਾਸ ਜੀ ਨੂੰ ਲੈ ਕੇ ਕੀਤੀ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਹਾਲਾਂਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਨੇ ਵਿਵਾਦ ਲਈ ਮੁਆਫੀ ਮੰਗੀ ਸੀ। ਉਨ੍ਹਾਂ ਨੇ ਹੱਥ ਜੋੜ ਕੇ ਤੇ ਕੰਨ ਫੜ ਕੇ ਕਿਹਾ ਸੀ ਕਿ ਉਹ ਕਦੇ ਵੀ ਗੁਰੂ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਹਨ। ਦੂਜੇ ਪਾਸੇ ਮਾਨ ਸਮਰਥਕ ਵੀ ਸਿੱਖ ਜਥੇਬੰਦੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੀਆਂ ਹਨ।
ਗੁਰਦਾਸ ਮਾਨ ਨੇ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਪੀਲ ਕੀਤੀ ਸੀ, ਜਿਸ ‘ਤੇ ਬੀਤੇ ਦਿਨ ਜਲੰਧਰ ਦੀ ਸੈਸ਼ਨ ਕੋਰਟ ਵਿੱਚ ਗੁਰਦਾਸ ਮਾਨ ਦੀ ਜ਼ਮਾਨਤ ‘ਤੇ ਬਹਿਸ ਹੋਈ। ਬਹਿਸ ਦੌਰਾਨ ਸਿੱਖ ਸੰਗਤ ਵੱਲੋਂ ਪੇਸ਼ ਹੋਏ ਵਕੀਲ ਪਰਮਿੰਦਰ ਸਿੰਘ ਢੀਂਗਰਾ ਨੇ ਮਾਣਯੋਗ ਜੱਜ ਨੂੰ ਅਪੀਲ ਕੀਤੀ ਕਿ ਜੇਕਰ ਗੁਰਦਾਸ ਮਾਨ ਬਾਹਰ ਰਹੇ ਤਾਂ ਪੰਜਾਬ ਦੀ ਹਾਲਤ ਵਿਗੜ ਸਕਦੀ ਹੈ, ਕਿਉਂਕਿ ਸਿੱਖ ਸੰਗਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਨਾਰਾਜ਼ ਹੈ, ਇਸ ਲਈ ਗੁਰਦਾਸ ਮਾਨ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਅੱਜ ‘ਤੇ ਟਾਲ ਦਿੱਤਾ ਸੀ।