ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਰੋਪੜ ਵਿਖੇ ਗੁਰੂ ਘਰ ਦੇ ਅੰਦਰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਬਾ ਗਾਜ਼ੀਦਾਸ ਕਲੱਬ ਮਾਜਰਾ ਰੋਡ, ਜ਼ਿਲ੍ਹਾ ਰੋਪੜ ਦੇ ਮੁਖੀ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿੱਚ ਢੋਲੀ ਨਾਲ ਔਰਤਾਂ ਨੂੰ ਨਚਾ ਕੇ ਵੱਡੀ ਉਲੰਘਣਾ ਕੀਤੀ ਹੈ, ਜਿਸ ਕਾਰਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਰੋਸ ਹੈ।
ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮ ਭੇਜਣ ਅਤੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਹਨ। ਰਿਪੋਰਟ ਮਿਲਣ ‘ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਰੋਪੜ ਦੇ ਪਿੰਡ ਰੋਡ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਵਿਆਹ ਸਮਾਗਮ ਦੌਰਾਨ ਕੀਤੇ ਗਏ ਨਾਚ ਕਰਕੇ ਮਰਿਆਦਾ ਦੀ ਉਲੰਘਣਾ ਕਰਨ ਦਾ ਸਖਤ ਨੋਟਿਸ ਲੈਂਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਐਸਐਸਪੀ ਰੋਪੜ ਨੂੰ ਵੀ ਸਖਤ ਕਾਰਵਾਈ ਕਰਨ ਲਈ ਕਿਹਾ ਜਾਵੇਗਾ ਤਾਂ ਜੋ ਅੱਗੇ ਤੋਂ ਕੋਈ ਵੀ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰੋਪੜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਥਾਪਿਤ ਪੰਡਾਲ ਦੇ ਅੰਦਰ ਨੱਚਣ ਨਾਲ ਗੁਰੂ ਘਰ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।
ਇਸ ਸਬੰਧੀ ਸੰਗਤ ਵੱਲੋਂ ਉਨ੍ਹਾਂ ਨੂੰ ਵੀਡੀਓ ਭੇਜੀ ਗਈ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸਿੱਖੀ ਦੇ ਪ੍ਰਚਾਰ ਦੇ ਕੇਂਦਰ ਗੁਰਦੁਆਰਾ ਸਾਹਿਬ ਵਿਖੇ ਅਜਿਹੀ ਮਨਮਤਿ ਕਰਵਾਈ ਗਈ।
Comment here