ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਪੁਲਿਸ ਨੇ ਮੈਡੀਕਲ ਕਰਾਉਣ ਪਿੱਛੋਂ ਨਿਹੰਗ ਸਰਬਜੀਤ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ਸੀ। ਪੂਰੀ ਰਾਤ ਕਈ ਸੀਨੀਅਰ ਅਧਿਕਾਰੀ ਸਰਬਜੀਤ ਸਿੰਘ ਨੂੰ ਇਸ ਪੂਰੇ ਹੱਤਿਆ ਨਾਲ ਜੁੜੇ ਸਵਾਲਾਂ ਦੇ ਜਵਾਬ ਪੁੱਛਦੇ ਰਹੇ ਪਰ ਉਸ ਨੇ ਸਾਰੇ ਸਵਾਲਾਂ ਦਾ ਇੱਕ ਹੀ ਜਵਾਬ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਇਹੀ ਸਜ਼ਾ ਸਹੀ ਹੈ।
ਦੂਜੇ ਪਾਸੇ ਪੁਲਿਸ ਵਾਰਦਾਤ ‘ਚ ਸ਼ਾਮਲ ਕੁਝ ਹੋਰ ਨਿਹੰਗਾਂ ਦੀ ਵੀ ਪਛਾਣ ਕਰ ਚੁੱਕੀ ਹੈ ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਦੱਸ ਦੇਈਏ ਕਿ ਸਿੰਘੂ ਬਾਰਡਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਦੇ ਨੌਜਵਾਨ ਲਖਬੀਰ ਸਿੰਘ ਦਾ ਨਿਹੰਗ ਸਰਬਜੀਤ ਸਿੰਘ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨਿਹੰਗ ਸਰਬਜੀਤ ਸਿੰਘ ਨੇ ਥਾਣਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਤੇ ਸਾਰੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।