ਪੰਜਾਬ ਦੇ ਯੂ. ਟੀ. ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਦੀ ਰਿਹਾਇਸ਼ ਮੂਹਰੇ ਪੱਕਾ ਮੋਰਚਾ ਲਾ ਦਿੱਤਾ, ਜਿਸ ਦਾ ਐਲਾਨ ਉਨ੍ਹਾਂ ਵੱਲੋਂ ਪਹਿਲਾਂ ਹੀ ਕੀਤਾ ਗਿਆ ਸੀ। ਯੂ. ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਲਈ ਉਨ੍ਹਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਕਾਫੀ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।

ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ ਕਿ ਹਰ ਤਰ੍ਹਾਂ ਦੇ ਕੱਚੇ ਅਤੇ ਠੇਕੇ ‘ਤੇ ਭਰਤੀ ਮੁਲਾਜ਼ਮਾਂ ਨੂੰ ਰੈਗੂਲਰ ਸਕੇਲ ਦੇ ਕੇ ਪੱਕਾ ਕੀਤਾ ਜਾਵੇਗਾ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਖਾਲੀ ਪੋਸਟਾਂ ਭਰੀਆਂ ਜਾਣਗੀਆਂ, ਡੀ.ਏ.ਦੀਆਂ ਕਿਸ਼ਤਾਂ ਦਾ ਬਕਾਇਆ ਅਦਾ ਕੀਤਾ ਜਾਵੇਗਾ, ਪੇ ਕਮਿਸ਼ਨ ਦੀ ਰੀਪੋਰਟ ਲਾਗੂ ਕੀਤੀ ਜਾਵੇਗੀ, ਪਰ ਸਰਕਾਰ ਨੇ ਅੱਜ ਤੱਕ ਮੰਗ ਲਾਗੂ ਨਾ ਕਰਕੇ ਮੁਲਾਜ਼ਮਾਂ ਨਾਲ ਵੱਡੀ ਵਾਅਦਾ ਖਿਲਾਫ਼ੀ ਕੀਤੀ ਹੈl ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਹੇਠ ਉਨ੍ਹਾਂ ਨੂੰ 6ਵੇਂ ਪੇ-ਕਮਿਸ਼ਨ ਦੇਣ ਦਾ ਵਾਅਦਾ ਤਾਂ ਕੀਤਾ ਗਿਆ ਸੀ ਪਰ ਇਸ ‘ਤੇ ਕੋਈ ਸਹਿਮਤੀ ਨਹੀਂ ਹੋਈ ਸੀ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ ਅਤੇ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਯਕ-ਮੁਸ਼ਤ ਤੁਰੰਤ ਅਦਾ ਕੀਤਾ ਜਾਵੇ।
Comment here