ਪੰਜਾਬ ਦੀ ਰਾਜਨੀਤੀ ਵਿਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਇੱਕ ਵਾਰ ਫਿਰ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਗਏ ਹਨ। ਇਸ ਦੌਰਾਨ ਉਹ ਇਕ ਵਾਰ ਮੁੜ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਕੁਝ ਮੀਡੀਆ ਰਿਪੋਰਟਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ ਪਰ ਉਸ ਤੋਂ ਪਹਿਲਾਂ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਯਤਨ ਕਰ ਰਹੇ ਹਨ।

ਕੈਪਟਨ ਕਾਂਗਰਸ ਛੱਡਣ ਦਾ ਕਹਿ ਚੁੱਕੇ ਹਨ ਪਰ ਉਨ੍ਹਾਂ ਨੇ ਅੱਗੋਂ ਦੀ ਰਾਜਨੀਤਕ ਪਾਰੀ ਲਈ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ। ਉਨ੍ਹਾਂ ਦੀਆਂ ਸਰਗਰਮੀਆਂ ‘ਤੇ ਨਾ ਸਿਰਫ ਕਾਂਗਰਸ ਸਗੋਂ ਹੋਰ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਸੰਭਾਵਨਾ ਇੱਥੋਂ ਤੱਕ ਜਤਾਈ ਜਾ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾ ਕੇ ਬੀ. ਜੀ. ਪੀ. ਨਾਲ ਮਿਲ ਕੇ ਚੋਣ ਲੜ ਸਕਦੇ ਹਨ।
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਦੀ ਇਹ ਤੀਜੀ ਦਿੱਲੀ ਫੇਰੀ ਹੈ। ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੇ ਤਰੀਕਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਵਿਚਾਰ ਕਰਨ ਦੀ ਉਮੀਦ ਹੈ। ਕਾਂਗਰਸ ਲੀਡਰਸ਼ਿਪ ਵੱਲੋਂ ‘ਅਪਮਾਨ’ ਦਾ ਹਵਾਲਾ ਦੇ ਕੇ 18 ਸਤੰਬਰ ਨੂੰ ਸੀ. ਐੱਮ. ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਨੇ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਸੂਤਰਾਂ ਨੇ ਪਹਿਲਾਂ ਦੱਸਿਆ ਸੀ ਕਿ ਭਾਜਪਾ ਕੈਪਟਨ ਨਾਲ ਕੰਮ ਕਰਨ ਦੀ ਇੱਛੁਕ ਹੈ ਪਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ‘ਤੇ ਵਿਚਕਾਰ ਦਾ ਰਸਤਾ ਕੱਢਣਾ ਚਾਹੁੰਦੀ ਹੈ। ਹਾਲਾਂਕਿ, ਇਹ ਹਾਲੇ ਸਪੱਸ਼ਟ ਨਹੀਂ ਹੋਇਆ ਹੈ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਕਦੋਂ ਬਣਾਉਂਦੇ ਹਨ ਪਰ ਉਨ੍ਹਾਂ ਦੇ ਦਿੱਲੀ ਦੌਰੇ ਅਤੇ ਅਮਿਤ ਸ਼ਾਹ ਨਾਲ ਮੁਲਾਕਾਤਾਂ ਨੇ ਕਾਂਗਰਸ ਦੀ ਬੇਚੈਨੀ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੈਪਟਨ ਰਾਹਲੁ ਗਾਂਧੀ ਅਤੇ ਪ੍ਰਿਯੰਕਾਂ ਗਾਂਧੀ ਤੇ ਵੀ ਨਿਸ਼ਾਨਾ ਵਿੰਨ੍ਹ ਚੁੱਕੇ ਹਨ। ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਾਏ ਜਾਣ ‘ਤੇ ਇਹ ਵੀ ਦਾਅਵਾ ਕੀਤਾ ਸੀ ਕਿ ਪਾਰਟੀ ਨੂੰ ਹੁਣ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ।
Comment here