ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲੀਹਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਮੰਗਲਵਾਰ ਨੂੰ ਰੰਧਾਵਾ ਦਾ ਨੈਤਿਕ ਆਧਾਰ ‘ਤੇ ਅਸਤੀਫਾ ਮੰਗਿਆ।
ਪਾਰਟੀ ਨੇਤਾ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਅਪੀਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਸਰਕਾਰ ਦੇ ਕਾਰਜਕਾਲ ਦਾ ਅੰਤ ਹੈ ਇਸ ਲਈ ਇਸ ਮੁੱਦੇ ‘ਤੇ ਪਾਰਟੀ ਨੂੰ ਲੋਕਾਂ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ।
ਬਾਜਵਾ ਨੇ ਕਿਹਾ ਕਿ ਮੇਰੇ ਪੁੱਤਰ ਅਰਜੁਨ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਸੀ ਤਾਂ ਰੰਧਾਵਾ ਅਤੇ ਹੋਰ ਵਿਧਾਇਕਾਂ ਨੇ ਮੈਨੂੰ ਉਦੋਂ ਨਿਸ਼ਾਨਾ ਬਣਾਇਆ। ਇਨ੍ਹਾਂ ਨੇ ਰੌਲਾ ਪਾਇਆ ਸੀ ਅਤੇ ਇਸ ਨੂੰ ਭਾਈ-ਭਤੀਜਾਵਾਦ ਕਰਾਰ ਦਿੱਤਾ ਸੀ। ਉਨ੍ਹਾਂ ਸਿੱਧੂ ਦਾ ਪੱਖ ਲੈਂਦਿਆਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਆਪਣੀ ਪਾਰਟੀ ਦੇ ਨੇਤਾਵਾਂ ‘ਤੇ ਸਹੀ ਸਵਾਲ ਕਰ ਰਹੇ ਹਨ ਜੋ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦੀ ਸੇਵਾ ਕਰ ਰਹੇ ਹਨ l
ਜਦੋਂ ਬਾਜਵਾ ਦੇ ਪੁੱਤਰ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਿੱਤੀ ਗਈ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਤਤਕਾਲੀ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਸੁਖਬਿੰਦਰ ਸਰਕਾਰੀਆ, ਚਰਨਜੀਤ ਚੰਨੀ ਅਤੇ ਰਜ਼ੀਆ ਸੁਲਤਾਨਾ ਤੋਂ ਇਲਾਵਾ ਸੁਨੀਲ ਜਾਖੜ ਨੇ ਇਸ ਦਾ ਵਿਰੋਧ ਕੀਤਾ ਸੀ।