ਯੂਪੀ ਦੀ ਰਾਜਧਾਨੀ ਲਖਨਊ ਵਿੱਚ 22 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਸ ਕਿਸਾਨ ਮਹਾਂਪੰਚਾਇਤ ਵਿੱਚ ਮੁਜ਼ੱਫਰਨਗਰ ਤੋਂ ਵੀ ਜਿਆਦਾ ਕਿਸਾਨਾਂ ਦੇ ਹਿੱਸਾ ਲੈਣ ਦੀ ਗੱਲ ਕਹੀ ਜਾ ਰਹੀ ਹੈ।
ਇਸ ਮਹਾਂਪੰਚਾਇਤ ਦੇ ਸਬੰਧ ‘ਚ ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਇੱਕ ਟਵੀਟ ਕੀਤਾ ਹੈ। ਟਿਕੈਤ ਨੇ ਕਿਹਾ ਕਿ ਇਹ ਮਹਾਂਪੰਚਾਇਤ ਇਤਿਹਾਸਕ ਹੋਵੇਗੀ। ਟਿਕੈਤ ਨੇ ਆਪਣੇ ਟਵੀਟ ‘ਚ ਲਿਖਿਆ ਕਿ, “ਲਖਨਊ ‘ਚ 22 ਨਵੰਬਰ ਦੀ ਕਿਸਾਨ ਮਹਾਪੰਚਾਇਤ ਦਾ ਆਯੋਜਨ ਇਤਿਹਾਸਕ ਹੋਵੇਗਾ। SKM ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਤਾਬੂਤ ਵਿੱਚ ਆਖਰੀ ਕਿੱਲ ਸਾਬਿਤ ਹੋਵੇਗੀ। ਹੁਣ ਪੂਰਵਾਂਚਲ ਵਿੱਚ ਵੀ ਅੰਨਦਾਤਾ ਦਾ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।” ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਨੇ 26 ਅਕਤੂਬਰ ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਰੱਦ ਕਰ ਦਿੱਤੀ ਸੀ। ਹੁਣ ਇਹ ਮਹਾਂਪੰਚਾਇਤ ਸੰਯੁਕਤ ਕਿਸਾਨ ਮੋਰਚਾ ਵੱਲੋਂ 22 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਮਹਾਂਪੰਚਾਇਤ ਰਾਹੀਂ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ।
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ 26 ਨਵੰਬਰ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਗਲੇ ਦਿਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਟੈਂਟ ਲਗਾ ਕੇ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ 11 ਮਹੀਨਿਆਂ ਤੋਂ ਵੀ ਜਿਆਦਾ ਸਮੇਂ ਤੋਂ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 26 ਨਵੰਬਰ ਨੂੰ ਇੱਕ ਸਾਲ ਵੀ ਪੂਰਾ ਹੋ ਜਾਵੇਗਾ। ਇਸੇ ਕਾਰਨ ਹੁਣ ਕਿਸਾਨਾਂ ਨੇ ਵੀ ਅੰਦੋਲਨ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਮਸਲੇ ਦਾ ਹੱਲ ਨਹੀਂ ਨਿਕਲਿਆ।
Comment here