Site icon SMZ NEWS

CM ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਲੋਕਤਾਂਤ੍ਰਿਕ ਕਦਰਾਂ ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਇੱਕ ਅਹਿਮ ਮੋੜ ਵਜੋਂ ਯਾਦ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨਾਲ ਸ਼ਹੀਦ ਹੋਏ ਕਿਸਾਨਾਂ ਦੇ 5 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਨਾਂ ‘ਤੇ ਯਾਦਗਾਰ ਉਸਾਰੇਗੀ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਉਨ੍ਹਾਂ ਦੇ ਸ਼ਾਨਦਾਰ ਸੰਘਰਸ਼ ਨੂੰ ਸਦਾ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਝੱਲੀਆਂ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਇੱਕਮੁੱਠ ਹੋ ਕੇ ਉੱਠਣ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।

ਪੰਜਾਬ ਸਰਕਾਰ ਹਮੇਸ਼ਾ ਦੇਸ਼ ਦੇ ਭਲੇ ਲਈ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਮੁੱਖ ਮੰਤਰੀ ਨੇ ਫਿਰ ਦੁਹਰਾਇਆ ਕਿ ਜਦੋਂ ਤੱਕ ਇਨ੍ਹਾਂ ਘਿਨਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਰੇ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਨੂੰ ਉਦਾਸੀਨ ਹੋਣ ਦੀ ਬਜਾਏ ਸੁਚੇਤ ਰਹਿਣਾ ਚਾਹੀਦਾ ਹੈ। CM ਚੰਨੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਕਮਜ਼ੋਰ ਕਰਨ ਲਈ ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿੰਨੀ ਸ਼ਰਮ ਦੀ ਗੱਲ ਹੈ ਕਿ ਕੁਝ ਰਾਜਸੀ ਆਗੂ ਆਪਣੇ ਹਿੱਤਾਂ ਲਈ ਸੂਬੇ ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਬਲੀ ਦੇਣ ਦੇ ਇਰਾਦੇ ਰੱਖਦੇ ਹਨ। ਜਦੋਂ ਤੱਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਨਹੀਂ ਹੁੰਦੀ, ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਵੀ ਅਰਥਹੀਣ ਅਤੇ ਬੇਬੁਨਿਆਦ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਹਰ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਚੁੱਕਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਦੀ ਲੁੱਟ ਤੋਂ ਬਚਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਲਖਬੀਰ ਸਿੰਘ ਲੱਖਾ, ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ।

Exit mobile version