ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ। ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਵਿਦਿਆਰਥੀਆਂ ਦੀ ਵੈਕਸੀਨੇਸ਼ਨ ਨਾ ਹੋਣ ਕਰਕੇ ਉਹ ਅਜੇ ਵੀ ਇਸ ਖਤਰੇ ਦੀ ਚਪੇਟ ਵਿੱਚ ਹਨ। ਇਸੇ ਖਤਰੇ ਵਿਚਾਲੇ ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ 13 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ। ਜਿਸ ਤੋਂ ਬਾਅਦ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੀਟਿਵ ਵਿਦਿਆਰਥੀਆਂ ਨੂੰ ਘਰ ਵਿਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਸਾਰੇ ਕੋਰੋਨਾ ਪਾਜ਼ੀਟਿਵ ਵਿਦਿਆਰਥੀਆਂ ਦੀ ਉਮਰ 15-16 ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ।
ਮੁਕੇਰੀਆਂ ਦੇ ਐਸਡੀਐਮ ਨਵਨੀਤ ਬੱਲ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਟੈਸਟ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਪਲ ਲੈ ਲਏ ਗਏਹਨ। ਇਲਾਕੇ ਦੇ ਪਿੰਡਾਂ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਪੂਰੇ ਸਕੂਲ ਕੈਂਪਸ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਦੇ ਲੋਕਾਂ ਨੂੰ ਮਾਸਕ ਪਹਿਨਣ ਸਣੇ ਕੋਵਿਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਦੂਜੇ ਪਾਸੇ ਸਿਹਤ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਲਈ ਨਾਂਮਾਤਰ ਸੈਂਪਲਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਪਾਜ਼ੀਟਿਵ ਕੇਸ ਸਾਹਮਣੇ ਆਇਆ ਤਾਂ ਸਕੂਲਾਂ ਵਿੱਚ ਰੈਂਡਮ ਸੈਂਪਲਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਟੀਕਾਕਰਨ ਨਾ ਹੋਣਾ ਇਨਫੈਕਸ਼ਨ ਫੈਲਣ ਦਾ ਕਾਰਨ ਹੋ ਸਕਦਾ ਹੈ।
Comment here