ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾ. ਮਨੋਹਰ ਸਿੰਘ ਵੀ ਚੋਣ ਮੈਦਾਨ ਵਿੱਚ ਐਂਟਰੀ ਮਾਰਨ ਦੀ ਤਿਆਰੀ ਵਿੱਚ ਹਨ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਮੁਹਾਲੀ ਜ਼ਿਲ੍ਹੇ ਦੇ ਖਰੜ ਸਿਵਲ ਹਸਪਤਾਲ ਵਿੱਚ ਤਾਇਨਾਤ ਸਨ।
ਡਾ. ਮਨੋਹਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਤੋਂ ਵਿਧਾਨ ਸਭਾ ਚੋਣਾਂ ਲੜਣਾ ਚਾਹੁੰਦੇ ਹਨ, ਜੋਕਿ ਅਨੁਸੂਚਿਤ ਜਾਤੀ (ਐੱਸਸੀ) ਵਰਗ ਲਈ ਰਾਖਵਾਂ ਹਲਕਾ ਹੈ। ਉਨ੍ਹਾਂ ਪਹਿਲਾਂ ਹੀ ਲੋਕਾਂ ਨੂੰ ਮਿਲਣਾ ਅਤੇ ਇਕੱਠਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜਦੋਂ CM ਚੰਨੀ ਦੇ ਭਰਾ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘ਹਾਂ, ਜੇ ਪਾਰਟੀ ਹਾਈਕਮਾਨ ਮੈਨੂੰ ਇਜਾਜ਼ਤ ਦੇਵੇ ਤਾਂ ਮੈਂ ਚੋਣ ਲੜਨਾ ਚਾਹੁੰਦਾ ਹਾਂ।’
ਦੱਸ ਦੇਈਏ ਕਿ ਇਸ ਵੇਲੇ ਇਸ ਹਲਕੇ ਦੀ ਨੁਮਾਇੰਦਗੀ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਰ ਰਹੇ ਹਨ, ਜੋ ਦੂਜੀ ਵਾਰ ਵੀ ਟਿਕਟ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਡਾ. ਮਨੋਹਰ ਦੀਆਂ ਸਿਆਸੀ ਸਰਗਰਮੀਆਂ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਰਿਵਾਰ ਦੇ ਦੋ ਮੈਂਬਰਾਂ ਨੂੰ ਟਿਕਟਾਂ ਕਿਵੇਂ ਦਿੱਤੀਆਂ ਜਾ ਸਕਦੀਆਂ ਹਨ?