ਤ੍ਰਿਣਮੂਲ ਕਾਂਗਰਸ ਨੇ ਸ਼ਨੀਵਾਰ ਨੂੰ ਗੋਆ ‘ਚ ਔਰਤਾਂ ਲਈ ਸਿੱਧੀ ਨਕਦ ਟ੍ਰਾਂਸਫਰ ਯੋਜਨਾ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਜੇਕਰ ਪਾਰਟੀ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ‘ਚ ਆਉਂਦੀ ਹੈ ਤਾਂ ਇਹ ਯੋਜਨਾ ਲਾਗੂ ਕੀਤੀ ਜਾਵੇਗੀ ਅਤੇ ਇਸ ਦੇ ਤਹਿਤ ਔਰਤਾਂ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਜਾਣਗੇ।
ਤ੍ਰਿਣਮੂਲ ਨੇਤਾ ਮਹੂਆ ਮੋਇਤਰਾ ਨੇ ਦੱਸਿਆ ਕਿ ਇਸ ਯੋਜਨਾ ਦਾ ਨਾਂ ‘ਗ੍ਰਹਿ ਲਕਸ਼ਮੀ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ ਪੰਜ ਹਜ਼ਾਰ ਰੁਪਏ ਹਰੇਕ ਘਰ ਦੀ ਇੱਕ ਔਰਤ ਦੇ ਖਾਤੇ ਵਿੱਚ ਸਿੱਧੇ ਟਰਾਂਸਫਰ ਕੀਤੇ ਜਾਣਗੇ ਤਾਂ ਜੋ ਮਹਿੰਗਾਈ ਨਾਲ ਨਜਿੱਠਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਜਲਦੀ ਹੀ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡਣ ਦਾ ਕੰਮ ਸ਼ੁਰੂ ਕਰੇਗੀ। ਇਸ ਕਾਰਡ ‘ਤੇ ਇੱਕ ਪਛਾਣ ਨੰਬਰ ਹੋਵੇਗਾ ਅਤੇ ਤ੍ਰਿਣਮੂਲ ਕਾਂਗਰਸ ਦੇ ਸੱਤਾ ‘ਚ ਆਉਣ ‘ਤੇ ਇਸ ਦਾ ਅਮਲ ਸ਼ੁਰੂ ਹੋ ਜਾਵੇਗਾ।
ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੀਆਂ ਸਾਰੀਆਂ 40 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਤ੍ਰਿਣਮੂਲ ਕਾਂਗਰਸ ਦੀ ਗੋਆ ਦੀ ਸਹਿ-ਇੰਚਾਰਜ ਮਹੂਆ ਮੋਇਤਰਾ ਨੇ ਕਿਹਾ ਕਿ ਰਾਜ ਦੇ 3.5 ਲੱਖ ਘਰਾਂ ਦੀਆਂ ਔਰਤਾਂ ਨੂੰ ਗ੍ਰਹਿ ਲਕਸ਼ਮੀ ਯੋਜਨਾ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਇਸ ਯੋਜਨਾ ਵਿੱਚ ਵੱਧ ਤੋਂ ਵੱਧ ਆਮਦਨ ਦੀ ਪ੍ਰਣਾਲੀ ਲਾਗੂ ਨਹੀਂ ਹੋਵੇਗੀ, ਜੋ ਕਿ ਭਾਜਪਾ ਸਰਕਾਰ ਦੀ ਮੌਜੂਦਾ ਘਰ ਅਧਾਰ ਯੋਜਨਾ ਵਿੱਚ ਸ਼ਾਮਿਲ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੌਜੂਦਾ ਸਕੀਮ ਤਹਿਤ ਗੋਆ ਵਿੱਚ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ ਅਤੇ ਇਸ ਵਿੱਚ ਸਿਰਫ਼ ਡੇਢ ਲੱਖ ਘਰ ਹੀ ਕਵਰ ਕੀਤੇ ਗਏ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿੱਚ ਆਉਂਦੀ ਹੈ ਤਾਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਇਹ ਰਾਸ਼ੀ ਇੱਕ ਹਜ਼ਾਰ ਰੁਪਏ ਵਧਾ ਕੇ 2500 ਰੁਪਏ ਕਰ ਦਿੱਤੀ ਜਾਵੇਗੀ। ਸ਼ੁੱਕਰਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਦੇ ਸੱਤਾ ‘ਚ ਆਉਣ ‘ਤੇ ਔਰਤਾਂ ਨੂੰ ਨੌਕਰੀਆਂ ‘ਚ 30 ਫੀਸਦੀ ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ ਹੈ।