ਬੀ.ਐੱਸਐਫ ਦਾ ਅਧਿਕਾਰ ਖੇਤਰ ਪੰਜਾਬ ਸਣੇ ਸਰਹੱਦੀ ਸੂਬਿਆਂ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਨੇ ਚੁਣੌਤੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਇਸ ਦੀ ਜਾਣਕਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਨੂੰ ਵਧਾਈ ਦਿੰਦਾ ਹਾਂ ਤੇ BSF ਦੇ ਅਧਿਕਾਰ ਖੇਤਰ ਨੂੰ ਵਧਾਉਣ ਵਾਲੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲਾ ਇੱਕ ਮੁਕੱਦਮਾ ਦਾਇਰ ਕਰਕੇ ਮਾਣਯੋਗ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੀ ਪੰਜਾਬ ਦੀ ਪਹਿਲੀ ਲੀਗਲ ਟੀਮ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਸਰਬਸੰਮਤੀ ਨਾਲ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਵਧਾਉਣ ਦੇ ਹੁਕਮਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ।
ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਮੁਤਾਬਕ ਪੰਜਾਬ ਸਣੇ ਹੋਰ ਸਰਹੱਦੀ ਸੂਬਿਆਂ ਵਿੱਚ ਬੀਐੱਸਐੱਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਕੇਂਦਰ ਦੇ ਇਨ੍ਹਾਂ ਹੁਕਮਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਇਸ ਨੂੰ ਲੈ ਕੇ ਚੰਨੀ ਸਰਕਾਰ ਵੀ ਨਿਸ਼ਾਨੇ ‘ਤੇ ਆ ਗਈ ਸੀ। ਕਿਉਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੀ ਸੁਰੱਖਿਆ ਬਾਰੇ ਗੱਲ ਕਰਨ ਤੋਂ ਬਾਅਦ ਹੀ ਕੇਂਦਰ ਨੇ ਇਹ ਹੁਕਮ ਜਾਰੀ ਕੀਤੇ ਸਨ।
Comment here