ਕਿਸਾਨ ਅੰਦੋਲਨ ਤੋਂ ਘਰ ਵਾਪਸੀ ਦੌਰਾਨ ਸੜਕ ਹਾਦਸੇ ਵਿੱਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ।
ਕੈਪਟਨ ਨੇ ਟਵੀਟ ਵਿੱਚ ਲਿਖਿਆ ਕਿ ਗਿੱਦੜਬਾਹਾ ਵਿੱਚ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਟਿਕਰੀ ਸਰਹੱਦ ਤੋਂ ਘਰ ਪਰਤ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਜਿਵੇਂ ਹੋਰਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਪਰਤ ਰਹੇ ਹਨ। ਪੰਜਾਬ ਦੇ ਦੋ ਕਿਸਾਨ ਵੀ ਟਿੱਕਰੀ ਸਰਹੱਦ ‘ਤੇ ਧਰਨੇ ਵਾਲੀ ਥਾਂ ਤੋਂ ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਦੌਰਾਨ ਸੜਕ ਹਾਦਸੇ ‘ਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਘਟਨਾ ਸ਼ਨੀਵਾਰ ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਕਿਸਾਨ ਸੁਖਦੇਵ ਸਿੰਘ (40) ਅਤੇ ਅਜੈਪ੍ਰੀਤ ਸਿੰਘ (32) ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਦੇ ਰਹਿਣ ਵਾਲੇ ਸਨ।
ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਸਵੇਰੇ ਕਿਸਾਨ ਟਿੱਕਰੀ ਸਰਹੱਦ ਤੋਂ ਟਰੈਕਟਰ-ਟਰਾਲੀ ਰਾਹੀਂ ਪੰਜਾਬ ‘ਚ ਆਪਣੇ ਘਰਾਂ ਨੂੰ ਜਾ ਰਹੇ ਸਨ। ਇਸੇ ਦੌਰਾਨ ਇੱਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
Comment here