ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਇਸੇ ਵਿਚਾਲੇ ਓਮੀਕ੍ਰੋਨ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕਰ ਲਿਆ ਹੈ।
ਓਮੀਕ੍ਰੋਨ ਦੇ ਖੌਫ ਨੂੰ ਦੇਖਦੇ ਹੋਏ ਖੱਟਰ ਸਰਕਾਰ ਸਖਤ ਹੋ ਗਈ ਹੈ। ਸਰਕਾਰ ਨੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਆਵਾਜਾਈ ‘ਤੇ ਪਾਬੰਦੀ ਰਹੇਗੀ ਅਤੇ ਕਿਸੇ ਵੀ ਥਾਂ ‘ਤੇ ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਹਰਿਆਣਾ ਸਰਕਾਰ ਨੇ ਲੋਕਾਂ ਨੂੰ ਕ੍ਰਿਸਮਸ ਦਾ ਤਿਉਹਾਰ ਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੀ ਛੋਟ ਦਿੰਦੇ ਹੋਏ 1 ਜਨਵਰੀ ਤੋਂ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ 1 ਜਨਵਰੀ ਤੋਂ ਹਰਿਆਣਾ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਐਂਟਰੀ ਕਰਨ ਵਾਲਿਆਂ ਲਈ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਜਨਤਕ ਥਾਵਾਂ ‘ਤੇ ਉਨ੍ਹਾਂ ਲੋਕਾਂ ਦੀ ਐਂਟਰੀ ‘ਤੇ ਪਾਬੰਦੀ ਹੋਵੇਗੀ, ਜਿਨ੍ਹਾਂ ਨੇ ਵੈਕਸੀਨ ਨਹੀਂ ਲਗਵਾਈ ਹੈ।ਦੱਸ ਦੇਈਏ ਕਿ ਸਿਰਫ਼ ਹਰਿਆਣਾ ਸਰਕਾਰ ਹੀ ਨਹੀਂ ਸਗੋਂ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਪਾਬੰਦੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਪੀ ਤੇ ਮੱਧ ਪ੍ਰਦੇਸ਼ ਵਿੱਚ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਗੁਜਰਾਤ ਦੇ ਕਈ ਸ਼ਹਿਰਾਂ ਵਿੱਚ ਨਾਈਟ ਕਰਫਿਊ ਲਾਗੂ ਹੋ ਗਿਆ ਹੈ, ਜਦੋਂ ਕਿ ਮੁੰਬਈ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ, ਉੜੀਸਾ ਅਤੇ ਕਰਨਾਟਕ ਵਿੱਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ।
Comment here