ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੂੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ-ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।
ਅਕਾਲੀ ਦਲ ਦੇ ਪ੍ਰਧਾਨ ਇਥੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸ਼ਹਿਰ ਵਿਚ ਖੰਡ ਮਿੱਲ ਵੀ ਸਥਾਪਿਤ ਕਰੇਗੀ।
ਪ੍ਰਧਾਨ ਮੰਤਰੀ ਦੇ ਦੌਰੇ ਦੀ ਗੱਲ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀਆਂ ਪ੍ਰਧਾਨ ਮੰਤਰੀ ਤੋਂ ਵੱਡੀਆਂ ਆਸਾਂ ਹਨ ਕਿ ਉਹ ਦਹਾਕਿਆਂ ਤੋਂ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ 5 ਜਨਵਰੀ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਨਾਲ-ਨਾਲ 1966 ਵਿਚ ਪੰਜਾਬੀ ਸੂਬੇ ਦੇ ਪੁਨਰਗਠਨ ਵੇਲੇ ਬਾਹਰ ਰਹਿ ਗਏ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਅਤੇ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉਨ੍ਹਾਂ ਵੱਲੋਂ ਸੂਬੇ ਵਿਚ ਫਿਰੋਜ਼ਪੁਰ ਵਿਖੇ ਲਿਆਂਦੇ ਗਏ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਆਖਿਰਕਾਰ ਪ੍ਰਧਾਨ ਮੰਤਰੀ 5 ਜਨਵਰੀ ਨੁੰ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਸਹੂਲਤ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਭਕਾਰੀ ਸਿੱਧ ਹੋਵੇਗੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਨੂੰ ਤੇਜ਼ ਰਫਤਾਰ ਨਾਲ ਮੁਕੰਮਲ ਕਰਵਾਇਆ ਜਾਵੇ।
ਜਦੋਂ ਉਨ੍ਹਾਂ ਤੋਂ ਸੰਯੁਕਤ ਕਿਸਾਨ ਮੋਰਚੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਕੁਝ ਹੋਰਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਲੈਟਰ ਬੰਬ ਬਾਰੇ ਪੁੱਛਿਆ ਗਿਆ ਤਾਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜੇਵਾਲ ਆਪਣੀਆਂ ਕਾਰਵਾਈਆਂ ਬਾਰੇ ਜਵਾਬ ਦੇਣ। ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੋਣ ਦੇ ਬਾਵਜੂਦ ਕਿਸਾਨਾਂ ਨਾਲ ਧੋਖਾ ਕਰ ਰਹੇ ਸਨ ਤੇ ਇਸ ਸਾਰੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਜਦੋਂ ਉਨ੍ਹਾਂ ਤੋਂ ਭਾਜਪਾ ਦੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਸ. ਬਾਦਲ ਨੇ ਕਿਹਾ ਕਿ ਸਿਰਫ ਨੂੰ ਸਿਰਫ ਨਾਲ ਮਿਲਾਉਣ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਜਿੰਨੀਆਂ ਮਰਜ਼ੀਆਂ ਸਿਫਰ ਮਿਲਾ ਲਵੋ, ਨਤੀਜਾ ਉਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦਾ ਸੂਬੇ ਦੀ ਰਾਜਨੀਤੀ ’ਤੇ ਕੋਈ ਅਸਰ ਪੈਣ ਵਾਲਾ ਨਹੀਂ ਹੈ।
ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸੂਬੇ ਦੇ ਪੁਲਿਸ ਮੁਲਾਜ਼ਮਾਂ ਖਿਲਾਫ ਵਰਤੀ ਮੰਦੀ ਸ਼ਬਦਾਵਲੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਜਿਵੇਂ ਮਿਸਗਾਈਡਡ ਮਿਜ਼ਾਈਲ ਬਹੁਤ ਮਾੜੀ ਹੁੰਦੀ ਹੈ, ਇਸੇ ਤਰੀਕੇ ਨਵਜੋਤ ਸਿੱਧੂ ਹੁਣ ਆਪਣੀ ਮੰਦੀ ਸ਼ਬਦਾਵਲੀ ਨਾਲ ਪੰਜਾਬੀਆਂ ਨੂੰ ਸ਼ਰਮਸਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕੋਲ ਪੰਜਾਬ ਵਿਚ ਨਫਰਤ, ਜ਼ਹਿਰ, ਅੰਨਾ ਹੰਕਾਰ ਫੈਲਾਉਣ ਤੋਂ ਇਲਾਵਾ ਕੁਝ ਨਹੀਂ ਹੈ।
ਜਦੋਂ ਉਨ੍ਹਾਂ ਤੋਂ ਦੋ ਮੌਜੂਦਾ ਵਿਧਾਇਕਾਂ ਫਤਿਹ ਜੰਗ ਬਾਜਵਾ ਤੇ ਬਲਵਿੰਦਰ ਲਾਡੀ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਇਹ ਪੰਜਾਬ ਕਾਂਗਰਸ ਦਾ ਹਾਲ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕਾਂਗਰਸੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਾਰਟੀ ਦਾ ਅੰਤ ਨੇੜੇ ਹੈ ਤੇ ਉਹ ਡੁੱਬਦੇ ਜਹਾਜ਼ ਵਿਚੋਂ ਛਾਲਾਂ ਮਾਰ ਰਹੇ ਹਨ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਇਥੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਤੇ ਦੀਨਾਨਗਰ ਦੀ ਮਾਰਕੀਟ ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਬਸਪਾ ਉਮੀਦਵਾਰ ਕਮਲਜੀਤ ਚਾਵਲਾ ਵੀ ਸਨ। ਉਨ੍ਹਾਂ ਨੇ ਹਲਕੇ ਦੇ ਦੌਰੇ ਦੌਰਾਨ ਇਤਿਹਾਸ ਧਾਰਮਿਕ ਅਸਥਾਨਾ ’ਤੇ ਮੱਥਾਂ ਵੀ ਟੇਕਿਆ। ਉਨ੍ਹਾਂ ਦੇ ਨਾਲ ਗੁਰਬਚਨ ਸਿੰਘ ਬੱਬੇਹਾਲੀ ਵੀ ਸਨ।
Comment here