ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸ਼ਿਵਪੁਰੀ ਮੰਦਿਰ ਵਿਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਾਰਮਿਕ ਥਾਵਾਂ ਨੂੰ ਇਕ-ਦੂਜੇ ਖਿਲਾਫ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਵੇਂ ਕਾਂਗਰਸ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਘਿਨੌਣੇ ਅਪਰਾਧ ਦੇ ਦੋਸ਼ੀ ਦੀ ਸ਼ਨਾਖ਼ਤ ਕਰਨ ਵਿਚ ਨਾਕਾਮ ਰਹੀ ਹੈ, ਹੁਣ ਜਲੰਧਰ ਵਿਖੇ ਬੇਅਦਬੀ ਦੀ ਇਹ ਘਟਨਾ ਵਾਪਰੀ ਹੈ, ਜਿਥੇ ਦੋਸ਼ੀਆਂ ਨੇ ਸ਼ਿਵਲਿੰਗ ਨੂੰ ਨੁਕਸਾਨ ਪਹੁੰਚਾਇਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਬੇਅਦਬੀਆਂ ਜਾਣ-ਬੁੱਝ ਕੇ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੁਝ ਤਾਕਤਾਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਫਿਰਕੂ ਤਣਾਅ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਾਂਗਰਸ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਸਣੇ ਬੇਅਦਬੀ ਦੇ ਅਜਿਹੇ ਸਾਰੇ ਮਾਮਲਿਆਂ ਵਿਚ ਠੋਸ ਕਾਰਵਾਈ ਕਰੇ। ਇਸ ਵਿਚ ਕੋਈ ਵੀ ਦੇਰੀ ਕਾਂਗਰਸ ਸਰਕਾਰ ਦੇ ਇਰਾਦਿਆਂ ’ਤੇ ਸਵਾਲ ਖੜ੍ਹਾ ਕਰਦੀ ਹੈ।


Comment here