ਭਾਜਪਾ ਪੰਜਾਬ ਦੇ ਚੋਣ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਟ ਦੀ ਜਾਣਕਾਰੀ ਪ੍ਰਦਰਸ਼ਨਕਾਰੀਆਂ ਨੂੰ ਦੇਣਾ ਅਤੇ ਫਿਰ ਉਨ੍ਹਾਂ ਨੂੰ ਰਸਤਾ ਜਾਮ ਕਰਨ ਦੀ ਸਹੂਲਤ ਦੇਣਾ ਅਪਰਾਧਿਕ ਸਾਜ਼ਿਸ਼ ਹੈ। ਇਹ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਗੰਭੀਰ ਖਿਲਵਾੜ ਹੈ। ਇਸ ਲਈ ਜੋ ਵੀ ਨੇਤਾ, ਮੰਤਰੀ ਤੇ ਅਧਿਕਾਰੀ ਜ਼ਿੰਮੇਵਾਰ ਹੋਣਗੇ, ਉਨ੍ਹਾਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਇੱਕ ਹੋਰ ਟਵੀਟ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ 10,000 ਸੁਰੱਖਿਆ ਕਰਮਚਾਰੀ ਮਿਲ ਕੇ ਪ੍ਰਧਾਨ ਮੰਤਰੀ ਦੇ ਰੂਟ ਦੀ ਸੁਰੱਖਿਆ ਨਹੀਂ ਕਰ ਸਕੇ। ਇਹ ਹੈ ਕਾਂਗਰਸ ਦਾ ਪੰਜਾਬ ਮਾਡਲ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ।
ਭਾਜਪਾ ਆਗੂਆਂ ਵਿਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਰੈਲੀ ਰੱਦ ਹੋਣ ਤੋਂ ਬਾਅਦ ਕਈ ਟਵੀਟ ਕੀਤੇ ਹਨ। ਉਨ੍ਹਾਂ ਲਿਖਿਆ ਕਿ “ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਵਿਰੋਧੀ ਹੈ ਅਤੇ ਇਸ ਨੂੰ ਆਜ਼ਾਦੀ ਘੁਲਾਟੀਆਂ ਦੀ ਵੀ ਕੋਈ ਪ੍ਰਵਾਹ ਨਹੀਂ ਹੈ।” ਨੱਡਾ ਨੇ ਕਿਹਾ ਕਿ ਸਭ ਤੋਂ ਪ੍ਰੇਸ਼ਾਨ ਕਰਨ ਵਾਲੀ ਗੱਲ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮੁੱਦਾ ਸੀ।
Comment here