ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ। ਇਸੇ ਵਿਚਾਲੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਡਿਪਟੀ ਕਮਿਸ਼ਨਰ ਸ਼ਰਮਾ ਨੇ 2 ਬੈਚ ਵਿੱਚ ਆਈਲੈਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਪਾਲਣ ਵੀ ਯਕੀਨੀ ਕਰਨਾ ਹੋਵੇਗਾ । ਇਸਦੇ ਲਈ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ 50 ਫ਼ੀਸਦੀ ਸਮਰੱਥਾ ਨਾਲ 2 ਬੈਚ ਵਿੱਚ ਆਈਲਟਸ ਦੀਆਂ ਕਲਾਸਾਂ ਲੱਗ ਸਕਣਗੀਆਂ। ਆਈਲਟਸ ਸੈਂਟਰਾਂ ਨੂੰ ਕੋਰੋਨਾ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਵੇਗੀ। ਆਈਲਟਸ ਸੈਂਟਰਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਲਈ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਈਲਟਸ ਸੈਂਟਰਾਂ ਵਿੱਚ ਸਿਰਫ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਵਿਦਿਆਰਥੀ ਹੀ ਆ ਸਕਦੇ ਹਨ।
ਗੌਰਤਲਬ ਹੈ ਕਿ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ 6641 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ 26 ਲੋਕਾਂ ਨੇ ਦਮ ਤੋੜਿਆ ਹੈ । ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 578, ਲੁਧਿਆਣਾ ਵਿੱਚ 914, ਜਲੰਧਰ ਵਿੱਚ 613, ਐੱਸ. ਏ. ਐੱਸ. ਨਗਰ ਵਿੱਚ 1196 ਮਾਮਲੇ ਸਾਹਮਣੇ ਆਏ ਹਨ।