ਆਮ ਆਦਮੀ ਪਾਰਟੀ ਨੇ ਬੀਤੇ ਦਿਨੀ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਸੀ, ਇਸ ਦੌਰਾਨ ਅੱਜ ਵੱਡਾ ਐਲਾਨ ਕਰਦਿਆਂ ਪਾਰਟੀ ਨੇ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ।
ਦੱਸ ਦੇਈਏ ਕਿ ਧੂਰੀ ਵਿਧਾਨ ਸਭਾ ਸੀਟ ਭਗਵੰਤ ਮਾਨ ਦੇ ਲੋਕ ਸਭਾ ਹਲਕੇ ਸੰਗਰੂਰ ਦੇ ਅਧੀਨ ਹੀ ਆਉਂਦੀ ਹੈ। ਧੂਰੀ ਹਲਕਾ ਪੰਜਾਬ ਦੇ ਮਾਲਵਾ ਬੈਲਟ ਹਿੱਸੇ ਵਿੱਚ ਆਉਂਦਾ ਹੈ ਅਤੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਵੀ ਇਸੇ ਬੈਲਟ ਵਿੱਚ ਹਨ। ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਵੀ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।
ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ‘ਚੋਂ ਇੱਕ ਧੂਰੀ ਵਿਧਾਨ ਸਭਾ ਸੀਟ ਤੋਂ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਜਿੱਤ ਹਾਸਿਲ ਕੀਤੀ ਸੀ। ਗੋਲਡੀ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 2811 ਵੋਟਾਂ ਨਾਲ ਹਰਾਇਆ ਸੀ। ਜਦਕਿ ਇਸ ਵਾਰ ਇਸ ਹਲਕੇ ਤੋਂ ਭਗਵੰਤ ਮਾਨ ਖੁਦ ਉਮੀਦਵਾਰ ਹੋਣਗੇ।
Comment here