ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਵੀਰਵਾਰ ਨੂੰ ਵੀ ਕੋਰੋਨਾ ਦੇ ਨਵੇਂ ਮਾਮਲੇ 3 ਲੱਖ ਦੇ ਕਰੀਬ ਰਹੇ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਕੋਵਿਡ-19 ਦੇ 2,86,384 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ 2,85,914 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ। ਦੇਸ਼ ਵਿੱਚ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4 ਕਰੋੜ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 573 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਹੁਣ ਤੱਕ ਕੁੱਲ 4,91,700 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਸ ਸਮੇਂ ਭਾਰਤ ਵਿੱਚ ਐਕਟਿਵ ਕੇਸ 22 ਲੱਖ (22,02,472) ਨੂੰ ਪਾਰ ਕਰ ਚੁੱਕੇ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਵਿੱਚ ਕਮੀ ਆਈ ਹੈ ਕਿਉਂਕਿ ਪਿਛਲੇ 24 ਘੰਟਿਆਂ ਦੌਰਾਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਕੇਸਾਂ ਨਾਲੋਂ ਵੱਧ ਸੀ। ਐਕਟਿਵ ਕੇਸ ਕੁੱਲ ਕੇਸਾਂ ਦਾ 5.46 ਫ਼ੀਸਦ ਹਨ।
ਪਿਛਲੇ 24 ਘੰਟਿਆਂ ਦੌਰਾਨ 3,06,357 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 3,76,77,328 ਲੋਕ ਇਨਫੈਕਸ਼ਨ ਨੂੰ ਹਰਾਉਣ ਵਿੱਚ ਕਾਮਯਾਬ ਹੋ ਚੁੱਕੇ ਹਨ। ਰਿਕਵਰੀ ਦਰ 93.33 ਫੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਲੋਕਾਂ ਨੂੰ ਵੈਕਸੀਨ ਦੀਆਂ 163.84 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਟੈਸਟਿੰਗ ਦੀ ਗੱਲ ਕਰੀਏ ਤਾਂ ਹੁਣ ਤੱਕ 72.21 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਪਿਛਲੇ 24 ਘੰਟਿਆਂ ਵਿੱਚ ਕੀਤੇ ਗਏ 14,62,261 ਟੈਸਟ ਸ਼ਾਮਲ ਹਨ।