ਡਰੱਗ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਅਗਲੇ ਸੋਮਵਾਰ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ ਅਤੇ ਪੰਜਾਬ ਸਰਕਾਰ ਨੂੰ ਉਸ ਸਮੇਂ ਤੱਕ ਕੋਈ ਕਾਰਵਾਈ ਨਾ ਕਰਨ ਦੇ ਲਈ ਕਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ 25 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਤਿੰਨ ਦਿਨਾਂ ਤੱਕ ਰੋਕ ਲਗਾਈ ਸੀ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਪਰ ਹੁਣ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਬੀਤੇ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ 7 ਦਿਨ ਲਈ ਰਾਹਤ ਮੰਗੀ ਸੀ। ਹਾਈਕੋਰਟ ਤੋਂ ਜ਼ਮਾਨਤ ਰੱਦ ਹੋਣ ਪਿਛੋਂ ਮਜੀਠੀਆ ਦੇ ਵਕੀਲ ਵੱਲੋਂ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਐਸਐਲਪੀ ਲਾਉਣ ਦੀ ਤਿਆਰੀ ਕੀਤੀ ਗਈ ਸੀ। ਇਸ ਪਿੱਛੋਂ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦਾ ਸਮਾਂ ਦਿੱਤਾ ਸੀ।
Comment here