ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਦੇ ਉਮੀਦਵਾਰਾਂ ਦਾ ਐਲਾਨ ਤੋਂ ਬਾਅਦ ਸ਼ੁਰੂ ਹੋਇਆ ਬਗਾਵਤ ਦਾ ਦੌਰ ਲਗਾਤਾਰ ਜਾਰੀ ਹੈ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ ਨੇ ਪਾਰਟੀ ਨੂੰ ਬਾਗੀ ਤੇਵਰ ਦਿਖਾਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਖ਼ਿਲਾਫ਼ ਬਗ਼ਾਵਤ ਕਰਦਿਆਂ ਬੱਸੀ ਪਠਾਣਾ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਡਾ: ਮਨੋਹਰ ਨੇ ਕਿਹਾ ਕਿ ਉਹ ਦੋ ਨਾਮਜ਼ਦਗੀਆਂ ਦਾਖ਼ਲ ਕਰਨਗੇ, ਇੱਕ ਕਾਂਗਰਸੀ ਉਮੀਦਵਾਰ ਵਜੋਂ ਅਤੇ ਦੂਜਾ ਆਜ਼ਾਦ ਉਮੀਦਵਾਰ ਦੇ ਤੌਰ ‘ਤੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਸੀ ਪਠਾਣਾ ਤੋਂ ਕਾਂਗਰਸ ਟਿਕਟ ਦਾ ਭਰੋਸਾ ਦਿੱਤਾ ਗਿਆ ਹੈ ਕਿਉਂਕਿ ਪਾਰਟੀ ਨੇ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਕਈ ਹੋਰ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਅਲਾਟ ਕੀਤੀਆਂ ਹਨ।
ਗੌਰਤਲਬ ਹੈ ਕਿ ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਦੇ ਵੱਡੇ ਚੇਹਰਿਆਂ ਦੀ ਗੱਲ ਕੀਤੀ ਜਾਵੇ ਤਾ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।