ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਸੇ ਦੇ ਨਾਲ ਪੰਜਾਬ ਦੀ ਰਾਜਨੀਤੀ ਗਰਮਾਉਂਦੀ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਇੱਕ ਪਾਸੇ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦੇ 6 ਉਮੀਦਵਾਰਾਂ ਵੱਲੋਂ ਹਾਕੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰੀ, ਲੁਧਿਆਣਾ ਉੱਤਰੀ, ਲੁਧਿਆਣਾ ਸਾਊਥ ਤੇ ਆਤਮ ਨਗਰ ਸੀਟ ਤੋਂ ਉਮੀਦਵਾਰਾਂ ਨੇ ਕਮਲ ਦੇ ਚੋਣ ਨਿਸ਼ਾਨ ਦੀ ਮੰਗ ਕੀਤੀ ਹੈ। ਇਨ੍ਹਾਂ ਤੋਂ ਇਲਾਵਾ 2 ਹੋਰ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਵੱਲੋਂ ਇਸੇ ਤਰ੍ਹਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।
ਇਨ੍ਹਾਂ ਵਿੱਚੋਂ ਇੱਕ ਉਮੀਦਵਾਰ ਦਾ ਕਹਿਣਾ ਹੈ ਕਿ ਉਹ ਕੈਪਟਨ ਦੇ ਨਾਲ ਹੀ ਹਨ, ਪਰ ਜਨਤਾ ਦਾ ਕਹਿਣਾ ਹੈ ਕਿ ਹਾਕੀ ਸਟਿੱਕ-ਬਾਲ ਜ਼ਿਆਦਾ ਪ੍ਰਚਲਿਤ ਨਹੀਂ ਹੈ। ਜਿਸ ਕਾਰਨ ਉਹ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਜਿਸ ਵਿੱਚ ਸੁਖਦੇਵ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਨਾਲ ਲੜ ਰਹੀ ਹੈ। ਇਸ ਗਠਜੋੜ ਵਿੱਚ ਭਾਜਪਾ 65, ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣਾਂ ਲੜ ਰਹੀ ਹੈ।