Site icon SMZ NEWS

ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ‘ਤੇ ਕਾਂਗਰਸ ਖ਼ਿਲਾਫ SGPC ਨੇ ਲਿਆ ਸਖ਼ਤ ਨੋਟਿਸ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਕਾਂਗਰਸ ਵੱਲੋਂ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ ਵਰਤਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨਰ ਪੰਜਾਬ ਕੋਲ ਭੇਜੀ ਹੈ।

ਕਾਂਗਰਸ ਵੱਲੋਂ ਸਿੱਖ ਅਰਦਾਸ ਦੀਆਂ ਇਨ੍ਹਾਂ ਸਤਰਾਂ ਦੇ ਹੋਰਡਿੰਗ ਬਣਵਾਏ ਗਏ ਹਨ ਤੇ ਅੱਜ ਆਪਣੇ ਟਵਿਟਰ ਅਕਾਊਂਟ ‘ਤੇ ਵੀ ਪੋਸਟ ਕੀਤਾ ਗਿਆ ਹੈ। ਕਾਂਗਰਸ ਦੀ ਇਸ ਹਰਕਤ ਨਾਲ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਅਰਦਾਸ ਦੇ ਇਹ ਸ਼ਬਦ ਹਰ ਸਿੱਖ ਦੇ ਹਿਰਦੇ ਵਿਚ ਵਸੇ ਹੋਏ ਹਨ ਤੇ ਕਾਂਗਰਸ ਵੱਲੋਂ ਇਨ੍ਹਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾਣਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ ਤੇ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਵੱਲੋਂ ਕੀਤੀ ਗਈ ਇਸ ਘਿਨਾਉਣੀ ਹਰਕਤ ਦਾ ਤੁਰੰਤ ਨੋਟਿਸ ਲਿਆ ਜਾਵੇ। ਲਗਵਾਏ ਗਏ ਹੋਰਡਿੰਗਜ਼ ਨੂੰ ਹਟਾਇਆ ਜਾਵੇ ਤੇ ਕਾਂਗਰਸ ਵੱਲੋਂ ਜਨਤਕ ਮਾਫੀ ਵੀ ਮੰਗੀ ਜਾਵੇ।ਕਾਂਗਰਸ ਪਾਰਟੀ ਨੂੰ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਅਰਦਾਸ ਦੀਆਂ ਸਤਰਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Exit mobile version