ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਨੂੰ ਲੈ ਕੇ ਰੋਜ਼ਾਨਾਂ ਤਰ੍ਹਾਂ-ਤਰ੍ਹਾਂ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਹੈਰਾਨ ਕਰਨ ਵਾਲਾ ਮਾਮਲਾ ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਨੇ ਆਜ਼ਾਦ ਉਮੀਦਵਾਰ ਨਾਮਜ਼ਦਗੀ ਦਾਖ਼ਲ ਕੀਤੀ ਸੀ, ਪਰ ਪੜਤਾਲ ਦੌਰਾਨ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ । ਜਿਸ ਤੋਂ ਬਾਅਦ ਉਮੀਦਵਾਰ ਵੱਲੋਂ ਹਾਈ ਵੋਲਟੇਜ ਡਰਾਮਾ ਕੀਤਾ ਗਿਆ।
ਦਰਅਸਲ, ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਉਮੀਦਵਾਰ ਨੇ ਮੋਬਾਈਲ ਟਾਵਰ ‘ਤੇ ਚੜ੍ਹ ਕੇ ਹੰਗਾਮਾ ਸ਼ੁਰੂ ਕਰ ਦਿੱਤਾ । ਜਦੋਂ ਸਥਾਨਕ ਪੁਲਿਸ ਨੂੰ ਇਸਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨਾਰਾਜ਼ ਉਮੀਦਵਾਰ ਨੂੰ ਮਨਾ ਕੇ ਟਾਵਰ ਤੋਂ ਹੇਠਾਂ ਉਤਾਰਿਆ। ਇਸ ਆਜ਼ਾਦ ਉਮੀਦਵਾਰ ਦੀ ਪਛਾਣ ਪਵਨ ਯਾਦਵ ਉਰਫ਼ ਪਵਨ ਯਾਦਵ ਇੰਜੀਨੀਅਰ ਵਜੋਂ ਹੋਈ ਹੈ । ਪਵਨ ਨੇ ਝਾਂਸੀ ਸਦਰ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਪਵਨ ਯਾਦਵ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ । ਮਿਲੀ ਜਾਣਕਾਰੀ ਅਨੁਸਾਰ ਪਵਨ ਆਪਣੀ ਕਾਰ ਵਿੱਚ ਹੂਟਰ ਵਜਾ ਕੇ ਗੱਡੀ ਚਲਾਉਣ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਕਾਰਨ ਵੀ ਸੁਰਖੀਆਂ ਵਿੱਚ ਰਿਹਾ ਹੈ ।