20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਤਿਆਰੀਆਂ ਕਰ ਰਹੀਆਂ ਹਨ। ਕਾਂਗਰਸ ਵੱਲੋਂ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਸਨ। ਇਨ੍ਹਾਂ ਵਿਚ ਸੁਨਾਮ ਤੋਂ ਦਮਨ ਬਾਜਵਾ ਦੀ ਟਿਕਟ ਵੀ ਕੱਟ ਦਿੱਤੀ ਗਈ ਸੀ ਤੇ ਉਨ੍ਹਾਂ ਦੀ ਜਗ੍ਹਾ ਕਾਂਗਰਸ ਵੱਲੋਂ ਜਸਵਿੰਦਰ ਸਿੰਘ ਧੀਮਾਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਟਿਕਟ ਨਾ ਮਿਲਣ ਕਾਰਨ ਦਮਨ ਬਾਜਵਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਨੇ ਸੁਨਾਮ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਹੁਣ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਕਿ ਦਮਨ ਬਾਜਵਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਮਨ ਬਾਜਵਾ ਦੇ ਘਰ ਪੁੱਜੇ ਹਨ।
ਗੌਰਤਲਬ ਹੈ ਕਿ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚੋਂ 1645 ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ ਜਦਕਿ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।