Site icon SMZ NEWS

‘ਗਊ ਹੱਤਿਆ ਦੇ ਦੋਸ਼ੀਆਂ ਨੂੰ ਮਿਲੇ ਮਿਸਾਲੀ ਸਜ਼ਾ’, ਮਾਨ ਨੇ DGP ਨੂੰ ਦਿੱਤੇ ਸਖਤ ਕਾਰਵਾਈ ਦੇ ਹੁਕਮ

ਹੁਸ਼ਿਆਰਪੁਰ ਦੇ ਚੋਲਾਂਗ ਦੇ ਕੋਲ ਗਊਆਂ ਦੀ ਹੱਤਿਆ ਦੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਡੀਜੀਪੀ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਦਾ ਜਲਦ ਤੋਂ ਜਲਦ ਪਤਾ ਲਗਾ ਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਾਨ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਰਾਬ ਨਹੀਂ ਹੋਣ ਦੇਵਾਂਗੇ।

ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢਣ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂਜੋ ਹੋਰ ਲੋਕ ਅਜਿਹਾ ਕਾਰਾ ਕਰਨ ਤੋਂ ਗੁਰੇਜ਼ ਕਰਨ। ਮਾਨ ਨੇ ਕਿਹਾ ਕਿ ਇਸ ਨਾ-ਮਾਫੀ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਡੇਰੇ ਲੋਕ ਹਿੱਤ ਵਿੱਚ ਇਸ ਸਥਿਤੀ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਧਰ, ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰ ਲਈ ਹੈ।

bhagwant mann on cows

ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਸਮਾਜ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਜਾ ਰਹੀਆਂ। ‘ਆਪ’ ਸਰਕਾਰ ‘ਚ ਪੰਜਾਬ ‘ਚ ਕਿਸੇ ਵੀ ਧਰਮ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮਾਨ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵਾਂਗੇ। ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾਵੇਗੀ। ਇਸ ਘਟਨਾ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

Exit mobile version