Site icon SMZ NEWS

ਨਿਊਜ਼ੀਲੈਂਡ ਦਾ ਵੱਡਾ ਫ਼ੈਸਲਾ, ਯੂਕਰੇਨ ਤੋਂ ਆਉਣ ਵਾਲੇ ਲੋਕਾਂ ਲਈ ਐਲਾਨ ਕੀਤਾ ਵੀਜ਼ਾ

ਰੂਸ ਤੇ ਯੂਕਰੇਨ ਵਿਚਾਲੇ 20ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਨੂੰ ਮਦਦ ਦਿੱਤੀ ਜਾ ਰਹੀ ਹੈ। ਇਸ ਵਿਚਾਲੇ ਨਿਊਜ਼ੀਲੈਂਡ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਕਿਹਾ ਹੈ ਕਿ ਉਹ ਯੂਕਰੇਨ ਤੇ ਰੂਸੀ ਹਮਲੇ ਦੇ ਮੱਦੇਨਜ਼ਰ ਯੂਕਰੇਨ ਛੱਡ ਕੇ ਜਾਣ ਵਾਲੇ ਯੂਕਰੇਨੀ ਸ਼ਰਨਾਰਥੀਆਂ ਨੂੰ 4,000 ਵਿਸ਼ੇਸ਼ ਵੀਜ਼ੇ ਦੀ ਪੇਸ਼ਕਸ਼ ਕਰੇਗੀ । ਇਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਵੀਜ਼ੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਦਿੱਤੇ ਜਾਣਗੇ ਜਿਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਨਿਊਜ਼ੀਲੈਂਡ ਵਿੱਚ ਰਹਿੰਦਾ ਹੈ।

New Zealand offers visas

ਇਸ ਸਬੰਧੀ ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮੰਤਰੀ ਕ੍ਰਿਸ ਫਾਫੋਈ ਨੇ ਕਿਹਾ ਕਿ ਇਹ ਉਨ੍ਹਾਂ ਦੇ ਦੇਸ਼ ਦੀ ਸਭ ਤੋਂ ਵੱਡੀ ਵਿਸ਼ੇਸ਼ ਵੀਜ਼ਾ ਸ਼੍ਰੇਣੀ ਸਕੀਮ ਹੈ। ਉਨ੍ਹਾਂ ਦੱਸਿਆ ਕਿ ਇਹ ਦੋ ਸਾਲਾਂ ਦਾ ਵੀਜ਼ਾ ਹੈ ਜੋ ਲੋਕਾਂ ਨੂੰ ਮੌਜੂਦਾ ਸੰਘਰਸ਼ ਤੋਂ ਬਚਣ ਵਿੱਚ ਮਦਦ ਕਰਦਾ ਹੈ। ਇਹ ਵੀਜ਼ਾ ਉਸ ਉਮੀਦ ‘ਤੇ ਦਿੱਤਾ ਜਾਂਦਾ ਹੈ ਕਿ ਯੁੱਧ ਖ਼ਤਮ ਹੋਣ ਤੇ ਉਹ ਘਰ ਵਾਪਸ ਪਰਤ ਸਕਦੇ ਹਨ। ਫਾਫੋਈ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਇੱਕ ਸਾਲ ਲਈ ਅੰਦਾਜ਼ਨ 1,600 ਯੂਕਰੇਨੀ ਨਾਗਰਿਕਾਂ ਅਤੇ ਵਸਨੀਕਾਂ ਨੂੰ ਵਿਸ਼ੇਸ਼ ਵੀਜ਼ਾ ਲਈ ਪਰਿਵਾਰਕ ਮੈਂਬਰਾਂ ਨੂੰ ਸਪਾਂਸਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਦੇ ਤਹਿਤ ਉਹ ਮੇਜ਼ਬਾਨ ਦੇਸ਼ ਵਿੱਚ ਕੰਮ ਕਰਨ ਦੇ ਯੋਗ ਹੋਣਗੇ।

ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਦੇ ਅਨੁਸਾਰ 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਕਰਨ ਤੋਂ ਬਾਅਦ 2.8 ਮਿਲੀਅਨ ਤੋਂ ਵੱਧ ਲੋਕ ਯੂਕਰੇਨ ਛੱਡ ਕੇ ਜਾਣ ਲਈ ਮਜਬੂਰ ਹੋਏ ਹਨ।

Exit mobile version