ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲੈਂਦੇ ਹੋਏ 25000 ਅਸਮੀਆਂ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਪਿੱਛੋਂ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀ.ਐੱਮ. ਮਾਨ ਨੂੰ ਉਨ੍ਹਾਂ ਦੇ ਇਸ ਫੈਸਲੇ ‘ਤੇ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਬਹੁਤ ਖੁਸ਼ੀ ਹੋਵੇਗੀ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ।
ਕੈਬਨਿਟ ਨੇ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ 15,000 ਅਸਾਮੀਆਂ ਸਣੇ ਕੁੱਲ 25,000 ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਪਾਸ ਕੀਤਾ ਹੈ।
ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਪਿੱਛੋਂ ਇਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਖਾਲੀ ਹਨ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਤੇ ਡਿਗਰੀ ਦੇ ਹਿਸਾਬ ਨਾਲ ਇਨ੍ਹਾਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਸ ਦੇ ਲਈ ਕੋਈ ਸਿਫ਼ਾਰਿਸ਼ ਨਹੀਂ ਚੱਲੇਗੀ।ਸੀ.ਐੱਮ. ਮਾਨ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦਾ ਵਾਅਦਾ ਕੀਤਾ ਸੀ, ਜੋਕਿ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ ਤੇ ਅੱਜ ਕੈਬਨਿਟ ਦੀ ਮਨਜ਼ੂਰੀ ਪਿੱਛੋਂ ਇੱਕ ਮਹੀਨੇ ਦੇ ਅੰਦਰ 25 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਚੋਣ ਪ੍ਰਚਾਰ ਵੇਲੇ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਖਤਮ ਕਰ ਦਿਆਂਗੇ।