CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ, ਜੇਲ੍ਹ ਤੇ ਮਾਈਨਿੰਗ ਵਿਭਾਗਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਦਫਤਰ ਵਿਚ ਕੋਈ ਸਿਫਾਰਸ਼ ਨਹੀਂ ਚੱਲੇਗੀ। ਉਨ੍ਹਾਂ ਦੇ ਇਲਾਕੇ ਵਿਚ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ। ਉਨ੍ਹਾਂ ਨੂੰ ਹੀ ਇਹ ਵਿਭਾਗ ਮਿਲ ਗਿਆ ਹੈ। ਇਸ ਲਈ ਗੈਰ-ਕਾਨੂੰਨੀ ਮਾਈਨਿੰਗ ਪੂਰੀ ਤਰ੍ਹਾਂ ਤੋਂ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਨਾਲ ਮਾਈਨਿੰਗ ਦੇਖਦੇ ਰਹੇ। ਇਸ ਤੋਂ ਬਾਅਦ ਚੰਨੀ ਦੇ ਰਾਜ ਵਿਚ ਖੂਬ ਗੈਰ-ਕਾਨੂੰਨੀ ਮਾਈਨਿੰਗ ਹੋਈ। ਉਨ੍ਹਾਂ ਕਿਹਾ ਕਿ ਅਫਸਰਾਂ ਨੂੰ ਕਹਿ ਕੇ ਬੈਸਟ ਮਾਈਨਿੰਗ ਪਾਲਿਸੀ ਬਣਾਈ ਜਾਵੇਗੀ। ਹੁਣ ਤੱਕ ਮਾਈਨਿੰਗ ਨਾਲ ਨੇਤਾਵਾਂ ਦੇ ਘਰ, ਗੱਡੀਆਂ ਬਣੀਆਂ ਪਰ ਹੁਣ ਇਸ ਦਾ ਪੈਸਾ ਪੰਜਾਬ ਤੇ ਪੰਜਾਬੀਆਂ ਦੇ ਕੰਮ ਆਏਗਾ। ਉਨ੍ਹਾਂ ਕਿਹਾ ਕਿ ਈਮਾਨਦਾਰੀ ਨਾਲ 24 ਘੰਟੇ ਕੰਮ ਕਰਨਗੇ।
ਉਨ੍ਹਾਂ ਦੱਸਿਆ ਕਿ ਮਾਈਨਿੰਗ ਸਾਈਟਾਂ ਦੀ ਰੋਜ਼ਾਨਾ ਆਧਾਰ ‘ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜ਼ਿਲ੍ਹਿਆਂ ਤੋਂ ਬਕਾਇਦਾ ਤੌਰ ‘ਤੇ ਰਿਪੋਰਟ ਲਈ ਜਾਵੇਗੀ। ਬੈਂਸ ਨੇ ਕਿਹਾ ਕਿ ਜੇਕਰ ਨਾਜਾਇਜ਼ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਤੇ ਵਿਭਾਗ ਦੇ ਕੰਮ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਪਾਲਣਾ ਨੂੰ ਯਕੀਨੀ ਬਣਾਈ ਜਾ ਸਕੇ।
Comment here