Indian PoliticsNationNewsPunjab newsWorld

ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਦੇ ਹੁਕਮ, ‘ਨਾਜਾਇਜ਼ ਮਾਈਨਿੰਗ ‘ਤੇ SSP ਜ਼ਿੰਮੇਵਾਰ’- ਹਰਜੋਤ ਬੈਂਸ

ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਿਦਾਇਤਾਂ ਜਾਰੀ ਕੀਤੀਆਂ ਹਨ।

ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐਸ.ਐਸ.ਪੀਜ਼ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਐ੍ੱਸ.ਐੱਸ.ਪੀ. ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

Comment here

Verified by MonsterInsights